ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜਨ ਲੱਗੀ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਨ੍ਹਾਂ ਨੂੰ ਬੁਖ਼ਾਰ ਹੋ ਗਿਆ ਹੈ। ਉਨ੍ਹਾਂ ਨੂੰ ਫਿਲਹਾਲ 103 ਡਿਗਰੀ ਬੁਖ਼ਾਰ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖ਼ਾਰ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਬੀਤੇ ਦਿਨ ਡੱਲੇਵਾਲ ਦੀ ਤਬੀਅਤ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਉੱਚਾ (176/107) ਹੋ ਗਿਆ ਸੀ। ਹੁਣ ਉਨ੍ਹਾਂ ਨੂੰ ਬੁਖ਼ਾਰ ਹੈ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਅੰਦੋਲਨ ਨੂੰ ਹੋਰ ਮਜਬੂਤ ਕਰਕੇ ਜਿੱਤਿਆ ਜਾ ਸਕੇ।
ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਕਰੀਬ ਇੱਕ ਸਾਲ ਬਾਅਦ 14 ਫਰਵਰੀ ਤੋਂ ਮੁੜ ਗੱਲਬਾਤ ਸ਼ੁਰੂ ਹੋ ਗਈ ਹੈ। ਗੱਲਬਾਤ ਦੇ ਦੋ ਪੜਾਅ ਹੋਏ ਹਨ। ਬੀਤੇ 22 ਫਰਵਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਕੇਂਦਰ ਸਰਕਾਰ ਨੇ ਆਪਣੇ ਕਿਸਾਨਾਂ ਵੱਲੋਂ ਪੇਸ਼ ਕੀਤੇ ਤੱਥ ਮੰਗੇ ਹਨ। ਤਾਂ ਜੋ ਉਹ ਇਸ ਸਬੰਧੀ ਆਪਣੇ ਮਾਹਿਰਾਂ ਦੀ ਸਲਾਹ ਲੈ ਸਕੇ।
ਇਹ ਵੀ ਪੜ੍ਹੋ : ਲੁਧਿਆਣਾ ਪੱਛਮੀ ਉਪ ਚੋਣ ਲਈ AAP ਨੇ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ
ਇਸ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 19 ਮਾਰਚ ਤੋਂ ਬਾਅਦ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























