ਪੰਜਾਬ ਦੇ ਅਬੋਹਰ ਜ਼ਿਲ੍ਹੇ ਦੇ ਪਿੰਡ ਨਿਹਾਲਖੇੜਾ ਦੇ ਰਹਿਣ ਵਾਲੇ ਇੱਕ ਮਜ਼ਦੂਰ ਕਿਸਾਨ ਦੀ ਅੱਜ ਦੁਪਹਿਰ ਖੇਤਾਂ ਨੂੰ ਪਾਣੀ ਲਗਾਉਂਦੇ ਸਮੇਂ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਵਿਅਕਤੀ ਦੀ ਮੌਤ ਕਾਰਨ ਤਿੰਨ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਪਰਛਾਵਾਂ ਉਠ ਗਿਆ।
ਜਾਣਕਾਰੀ ਅਨੁਸਾਰ ਕਰੀਬ 35 ਸਾਲਾ ਨੌਰੰਗ ਪੁੱਤਰ ਪਿਰਥੀ ਰਾਮ ਅੱਜ ਇਸੇ ਪਿੰਡ ਦੇ ਇੱਕ ਜ਼ਿਮੀਂਦਾਰ ਦੇ ਖੇਤ ਨੂੰ ਪਾਣੀ ਲਾਉਣ ਗਿਆ ਸੀ। ਉਥੇ ਪਾਣੀ ਲਗਾਉਣ ਸਮੇਂ ਉਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਆਸ-ਪਾਸ ਦੇ ਕਿਸਾਨਾਂ ਨੇ ਇਸ ਦੀ ਸੂਚਨਾ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਉਸ ਦਾ ਭਰਾ, ਪਰਿਵਾਰ ਅਤੇ ਰਿਸ਼ਤੇਦਾਰ ਉਸ ਨੂੰ ਟੈਂਪੂ ‘ਚ ਸਵਾਰ ਹੋ ਕੇ ਇਲਾਜ ਲਈ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ।
ਇਥੇ ਹਸਪਤਾਲ ਦੇ ਡਾਕਟਰ ਡੀ.ਵੀ ਅਰੋੜਾ ਨੇ ਦੱਸਿਆ ਕਿ ਸੱਪ ਦੇ ਡੰਗਣ ਤੋਂ ਬਾਅਦ ਜਿਸ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਜਾਵੇਗਾ ਕੱਲ੍ਹ ਪੋਸਟਮਾਰਟਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਪਿੰਡ ਦੇ ਸਰਪੰਚ ਅਤੇ ਮ੍ਰਿਤਕ ਦੇ ਵਾਰਸਾਂ ਨੇ ਵੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਹੋਈ ਮੌਤ ਕਾਰਨ ਉਸ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਸ ਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਕਿਉਂਕਿ ਉਹ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਵਿਅਕਤੀ ਸੀ।
ਵੀਡੀਓ ਲਈ ਕਲਿੱਕ ਕਰੋ -: