ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਵਿਚਾਲੇ ਅੱਜ ਕਿਸਾਨਾਂ ਨੇ ਨਵਾਂ ਸਾਲ ਨਾ ਮਨਾਉਣ ਦਾ ਐਲਾਨ ਕੀਤਾ ਹੈ। ਇਹ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿਸੇ ਨੂੰ ਵੀ ਸਾਨੂੰ ਨਵੇਂ ਸਾਲ ਦੀਆਂ ਵਧਾਈਆਂ ਨਹੀਂ ਭੇਜਣੀਆਂ ਚਾਹੀਦੀਆਂ। ਇਹ ਖੁਸ਼ੀ ਦਾ ਨਹੀਂ ਸਗੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਸਮਾਂ ਹੈ।
ਕਿਸਾਨਾਂ ਵੱਲੋਂ ਹੁਣ 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਕਿਸਾਨਾਂ ਦੀ ਤਰਫ਼ੋਂ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ 76/44 ਤੱਕ ਡਿੱਗ ਗਿਆ ਸੀ। ਜੋ ਕਿ ਬਹੁਤ ਚਿੰਤਾਜਨਕ ਹੈ। ਉਸਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਉਹ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਵਿੱਚ ਸਮੂਹ ਕਿਸਾਨਾਂ ਨੂੰ ਇੱਕ ਅਹਿਮ ਸੁਨੇਹਾ ਦੇਣਾ ਚਾਹੁੰਦੇ ਹਨ। ਸਾਰੇ ਦੋਸਤ 4 ਜਨਵਰੀ ਨੂੰ ਸਵੇਰੇ 10 ਵਜੇ ਖਨੌਰੀ ਕਿਸਾਨ ਮੋਰਚੇ ਵਿੱਚ ਪਹੁੰਚਣ। ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਵੀ ਸਹਿਯੋਗ ਦਿਓ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਮੀਟਿੰਗ ਸ਼ੁਰੂ, ਦਿੱਲੀ ਕੂਚ ਨੂੰ ਲੈ ਕੇ ਬਣਾਈ ਜਾਵੇਗੀ ਰਣਨੀਤੀ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਡੱਲੇਵਾਲ ਅਤੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਦੀ ਹੈ ਤਾਂ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰਨ ਬਾਰੇ ਵਿਚਾਰ ਕਰ ਸਕਦੇ ਹਨ। ਅਦਾਲਤ ਨੇ ਡੱਲੇਵਾਲ ਨੂੰ ਮਨਾਉਣ ਲਈ ਪੰਜਾਬ ਨੂੰ ਤਿੰਨ ਦਿਨ ਹੋਰ ਦਿੱਤੇ ਹਨ। ਹੁਣ ਮਾਮਲੇ ਦੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: