ਸੰਯੁਕਤ ਕਿਸਾਨ ਮੋਰਚਾ ਹੁਣ ਚੰਡੀਗੜ੍ਹ ਨੂੰ ‘ਸਿੰਘੂ ਬਾਰਡਰ’ ਬਣਾਉਣ ਦੀ ਤਿਆਰੀ ਵਿੱਚ ਹੈ। ਮਾਨ ਸਰਕਾਰ ਖਿਲਾਫ਼ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ CM ਭਗਵੰਤ ਮਾਨ ਨੇ ਉਨ੍ਹਾਂ ਨੇ ਜਾਇਜ਼ ਮੰਗਾਂ ਨਹੀਂ ਮੰਨੀਆਂ। ਇਸ ਲਈ ਹੁਣ ਕਿਸਾਨ AAP ਸਰਕਾਰ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਪੂਰੇ ਪੰਜਾਬ ਦੇ ਕਿਸਾਨ ਮੰਗਲਵਾਰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠਾ ਹੋਣਗੇ। ਜਿੱਥੋਂ ਉਹ ਦੁਪਹਿਰ ਬਾਅਦ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ‘ਤੇ ਚੰਡੀਗੜ੍ਹ ਲਈ ਕੂਚ ਕਰਨਗੇ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੀਬੀਐਮਬੀ ਦੇ ਮੁੱਦੇ ’ਤੇ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ, ਪਰ ਪੰਜਾਬ ਸਰਕਾਰ ਨੇ ਇਸ ਮਾਮਲੇ ’ਤੇ ਕੋਈ ਵੀ ਬਿਆਨ ਹਾਲੇ ਤੱਕ ਜਾਰੀ ਨਹੀਂ ਕੀਤਾ । ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀ ਹੈ, ਜਦੋਂ ਕਿ ਕੇਂਦਰ ਸਰਕਾਰ ਨੇ ਡੈਮ ਸੇਫਟੀ ਬਿਲ ਪਾਸ ਕਰ ਕੇ ਭਾਖੜਾ ਡੈਮ ਦਾ ਪੂਰਾ ਪ੍ਰਬੰਧ ਪੰਜਾਬ ਤੋਂ ਖੋਹ ਕੇ ਆਪਣੇ ਹੱਥ ਲੈ ਲਿਆ ਹੈ।
ਉਨ੍ਹਾਂ ਕਿਹਾ ਕਿ ਡੈਮ ਦੀ ਬਿਜਲੀ ਦਾ ਪ੍ਰਬੰਧਨ ਕੇਂਦਰ ਦੇ ਹੱਥ ਵਿੱਚ ਚਲਾ ਗਿਆ ਹੈ ਅਤੇ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਛੱਡਣ ਦੇ ਫ਼ੈਸਲੇ ਵੀ ਹੁਣ ਕੇਂਦਰ ਲਵੇਗਾ। ਇਸ ਤੋਂ ਇਲਾਵਾ ਭਾਖੜਾ ਡੈਮ ਤੋਂ ਪੰਜਾਬ ਨੂੰ ਜੋ ਬਿਜਲੀ 40 ਪੈਸੇ ਯੂਨਿਟ ਮਿਲਦੀ ਸੀ, ਉਹ ਹੁਣ ਵਪਾਰਕ ਰੇਟਾਂ ‘ਤੇ ਮਿਲੇਗੀ। ਇਸ ਦਾ ਬੋਝ ਕਿਸਾਨਾਂ ‘ਤੇ ਹੀ ਪਵੇਗਾ ।
ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਤੱਕ ਬੋਨਸ ਦੇਣ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਿੱਪ ਵਾਲੇ ਮੀਟਰ ਨਾ ਲਗਾਉਣ ਦੀ ਕਿਸਾਨਾਂ ਦੀਆਂ ਮੰਗ ‘ਤੇ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਮੂੰਗੀ ਦੀ ਐਮਐਸਪੀ ਤੇ ਖ਼ਰੀਦ ਕੀਤੀ ਜਾਵੇਗੀ ਪਰ ਹਾਲੇ ਤਕ ਦਾ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ । ਇਸ ਤੋਂ ਇਲਾਵਾ ਬਾਸਮਤੀ ਦੇ ਭਾਅ ਅਤੇ ਖਰੀਦ ਦਾ ਵੀ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਗਿਆ । ਕਿਸਾਨਾਂ ਦੇ ਗੰਨੇ ਦਾ ਬਕਾਇਆ ਵੀ ਹਾਲੇ ਤੱਕ ਨਹੀਂ ਦਿੱਤਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: