ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਜਸ਼ਨ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਪਰਤ ਰਹੇ ਹਨ। ਜਿੱਥੇ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ । ਇਸ ਵਿਚਾਲੇ ਇਹ ਵੀ ਚਰਚਾ ਹੈ ਕਿ ਕਿਸਾਨ ਆਗੂ ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀ ਬਣਾ ਸਕਦੇ ਹਨ । ਜੇਕਰ ਕਿਸਾਨਾਂ ਵੱਲੋਂ ਸਿਆਸੀ ਪਾਰਟੀ ਬਣਾਈ ਜਾਂਦੀ ਹੈ ਤਾਂ ਪਹਿਲਾਂ ਤੋਂ ਸਥਾਪਿਤ ਸਿਆਸੀ ਪਾਰਟੀਆਂ ਦੀ ਚਿੰਤਾ ਵੱਧ ਸਕਦੀ ਹੈ।
ਇੱਕ ਰਿਪੋਰਟ ਅਨੁਸਾਰ ਜਲੰਧਰ ਆਲੂ ਉਤਪਾਦਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸੰਘਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਇਸ ਸਬੰਧ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕਰ ਰਹੇ ਹਨ ਤਾਂ ਜੋ ਸਿਆਸੀ ਪਾਰਟੀ ਬਣਾਈ ਜਾ ਸਕੇ ਤੇ ਵੱਡੇ ਪੱਧਰ ‘ਤੇ ਚੋਣਾਂ ਲੜੀਆਂ ਜਾ ਸਕਣ ।
ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਿੱਚ ਚਰਚਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਤਬਦੀਲੀ ਲਿਆਉਣ ਲਈ ਅਜਿਹਾ ਕਰਨਾ ਲਾਜ਼ਮੀ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਖੇਤੀ ਸੰਗਠਨਾਂ ਅਤੇ ਟਰੇਡ ਯੂਨੀਅਨਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਿਆਸੀ ਪਾਰਟੀ ਬਣਨ ਦੇ ਨਾਲ ਪੰਜਾਬ ਵਿੱਚ ਵੱਡੇ ਬਦਲਾਅ ਦੀ ਪੂਰੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: