ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਹੇ ਧਰਨੇ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦਾ ਗੇਟ ਤੋੜਨ ਵਾਲੇ ਅਣਪਛਾਤਿਆਂ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ। ਇਸ ਦੇ ਨਾਲ ਹੀ ਧਰਨੇ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਨ ਦੇ ਵੀ ਇਲਜ਼ਾਮ ਲੱਗੇ ਹਨ। ਇਹ ਐਫ.ਆਈ.ਆਰ. ਇੱਕ ਮਹਿਲਾ ਪੁਲਿਸ ਕਰਮੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਇਸੇ ਵਿਚਾਲੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
10 ਨਵੰਬਰ ਨੂੰ “ਸੇਵ ਪੰਜਾਬ ਯੂਨੀਵਰਸਿਟੀ ਫਰੰਟ” ਦੇ ਬੈਨਰ ਹੇਠ, ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਯੂਨੀਵਰਸਿਟੀ ਵਿੱਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਤੋਂ ਬਾਅਦ, ਪੁਲਿਸ ਨੇ ਇਕੱਠ ਨੂੰ ਗੈਰ-ਕਾਨੂੰਨੀ ਇਕੱਠ ਘੋਸ਼ਿਤ ਕੀਤਾ। ਭੀੜ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਵੱਖ-ਵੱਖ ਸੰਗਠਨਾਂ ਦੇ ਮੈਂਬਰ ਸ਼ਾਮਲ ਸਨ। CCTV ਤੇ ਵੀਡੀਓ ਰਾਹੀਂ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ ਜਾਵੇਗੀ। ਧਰਨੇ ਵਿੱਚ ਸ਼ਾਮਿਲ ਵਿਅਕਤੀਆਂ ਵਿਰੁੱਧ ਬੀਐਨਐਸ ਐਕਟ 2023 ਦੀ ਧਾਰਾ 221, 223, 191(2), 190, 115(2), 121(1), ਅਤੇ 132 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਆਪਣੇ ਬਿਆਨ ਵਿੱਚ, ਸੈਕਟਰ 31 ਪੁਲਿਸ ਸਟੇਸ਼ਨ ਵਿੱਚ ਤਾਇਨਾਤ ਮਹਿਲਾ ਪੁਲਿਸ ਕਰਮੀ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਤਾਇਨਾਤ ਪੁਲਿਸ ਫੋਰਸ ਨੇ ਵਿਰੋਧ ਪ੍ਰਦਰਸ਼ਨ ਨੂੰ ਕੰਟਰੋਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨਾਲ ਝਗੜਾ ਵੀ ਕੀਤਾ। ਪੁਲਿਸ ਅਨੁਸਾਰ, ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਹੋਰ ਸੰਗਠਨਾਂ ਦੇ ਮੈਂਬਰ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਪਹੁੰਚੇ ਸ. ਸੁਖਬੀਰ ਸਿੰਘ ਬਾਦਲ, ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਲਿਖਤੀ ਰੂਪ ਵਿੱਚ ਐਲਾਨ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਵੱਲੋਂ ਐਲਾਨੀਆਂ ਗਈਆਂ ਪ੍ਰੀਖਿਆਵਾਂ ਦਾ ਬਾਈਕਾਟ ਕੀਤਾ ਗਿਆ ਸੀ। ਉਨ੍ਹਾਂ ਦੇ ਬਾਈਕਾਟ ਮਗਰੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬ ਯੂਨੀਵਰਸਿਟੀ ਵਿਖੇ 18, 19 ਅਤੇ 20 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























