ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਸਥਿਤ ਇੱਕ ਕੁੱਕਰ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਇੱਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਜਾਣ ਦੀ ਖਬਰ ਹੈ ਅਤੇ ਇੱਕ ਔਰਤ ਸਣੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ।
ਚਸ਼ਮਦੀਦ ਗਵਾਹਾਂ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਸ਼ੱਕ ਹੈ। ਅੱਗ ਦੀਆਂ ਲਪਟਾਂ ਨੇ ਪਹਿਲਾਂ ਪੈਕਿੰਗ ਲਈ ਵਰਤੇ ਜਾਣ ਵਾਲੇ ਗੱਤੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕੁਝ ਮਿੰਟਾਂ ਵਿੱਚ ਹੀ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸੰਘਣਾ ਧੂੰਆਂ ਅਤੇ ਭਿਆਨਕ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਮਜ਼ਦੂਰਾਂ ਨੂੰ ਬਚਣ ਲਈ ਬਹੁਤ ਘੱਟ ਸਮਾਂ ਬਚਿਆ।

ਹਾਲਾਂਕਿ ਬਹੁਤ ਸਾਰੇ ਮਜ਼ਦੂਰ ਬਾਹਰ ਭੱਜਣ ਵਿੱਚ ਕਾਮਯਾਬ ਹੋ ਗਏ, ਕੁਝ ਫੈਕਟਰੀ ਦੇ ਪਿਛਲੇ ਹਿੱਸੇ ਵਿੱਚ ਫਸ ਗਏ। ਦੋ ਗੰਭੀਰ ਜ਼ਖਮੀ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ, ਪਰ ਉਨ੍ਹਾਂ ਵਿੱਚੋਂ ਇੱਕ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ। ਹਾਦਸੇ ਵਿੱਚ ਬੁਰੀ ਤਰ੍ਹਾਂ ਸੜ ਗਈ ਇੱਕ ਮਹਿਲਾ ਵਰਕਰ ਨੂੰ ਇਲਾਜ ਲਈ ਪਟਿਆਲਾ ਦੇ ਇੱਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ, ਬੰਦੇ ਨੇ ਗੋਲੀਆਂ ਮਾਰ ਕੇ ਲੈ ਲਈ ਪਤਨੀ ਦੀ ਜਾਨ
ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਘੰਟਿਆਂ ਤੱਕ ਜੱਦੋ-ਜਹਿਦ ਕੀਤੀ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਸੀਨੀਅਰ ਅਧਿਕਾਰੀਆਂ ਦੇ ਨਾਲ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਪੁਲਿਸ ਨੇ ਅੱਗ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























