free education govt schools punjab: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਤੋਂ ਹੁਣ ਕੋਈ ਫੀਸ ਨਹੀਂ ਲਈ ਜਾਵੇਗੀ। ਸਾਲ 2020-21 ਦੌਰਾਨ ਪਹਿਲੀ ਤੋਂ 12 ਤੱਕ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੁਣ ਮੁਫਤ ਪੜ੍ਹਾਈ ਕਰਵਾਈ ਜਾਵੇਗੀ। ਸਰਕਾਰ ਉਨ੍ਹਾਂ ਤੋਂ ਕੋਈ ਫੀਸ ਨਹੀਂ ਲਵੇਗੀ।ਇਸ ਸਬੰਧੀ ਸਰਕਾਰ ਨੇ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ‘ਚ ਬੱਚਿਆਂ ਤੋਂ ਫੀਸਾਂ ਨਾ ਲੈਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸਰਕਾਰ ਨੇ ਰਾਜਪਾਲ ਕੋਲ ਭੇਜ ਦਿੱਤਾ ਸੀ। ਰਾਜਪਾਲ ਨੇ ਇਸ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ 12ਵੀਂ ਤਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਵਿਦਿਆਰਥੀਆਂ ਤੋਂ ਜੋ ਫੀਸ ਖਜ਼ਾਨੇ ‘ਚ ਜਮ੍ਹਾ ਕਰਵਾਈ ਜਾਂਦੀ ਹੈ, ਉਹ ਹੁਣ ਨਹੀਂ ਲਈ ਜਾਵੇਗੀ।
ਜ਼ਿਕਰਯੋਗ ਹੈ ਕਿ ਪਹਿਲਾਂ ਸਿਰਫ ਲੜਕੀਆਂ ਦੀ ਹੀ ਫੀਸ ਮਾਫ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਸਕੂਲਾਂ ਦੀ ਫੀਸ ਵਸੂਲੀ ਦਾ ਮੁੱਦਾ ਅਦਾਲਤ ‘ਚ ਜਾਣ ਤੋਂ ਬਾਅਦ ਕਿਹਾ ਸੀ ਕਿ ਸਰਕਾਰੀ ਸਕੂਲਾਂ ‘ਚ 2020-21 ਸੈਂਸ਼ਨ ਦੇ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ। ਦੂਜੇ ਪਾਸੇ ਸਰਕਾਰ ਦੇ ਇਸ ਫੈਸਲੇ ਦਾ ਸੂਬੇ ਦੇ 19 ਹਜ਼ਾਰ 166 ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ 23.50 ਲੱਖ ਬੱਚਿਆਂ ਨੂੰ ਫਾਇਦਾ ਮਿਲੇਗਾ। ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਸਕੂਲਾਂ ਤੋਂ ਬੱਚਿਆਂ ਦੀ ਡ੍ਰਾਪ ਆਊਟ ‘ਚ ਵੀ ਕਮੀ ਆਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ‘ਤੇ ਅਮਲੀਜਾਮਾ ਪਹਿਨਾਇਆ ਹੈ। ਇਸ ਤੋਂ ਹੁਣ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਕੋਈ ਫੀਸ ਅਦਾ ਨਹੀਂ ਕਰਨੀ ਹੋਵੇਗੀ। ਇਸ ‘ਚ ਬੱਚਿਆਂ ਤੋਂ ਕਿਸੇ ਤਰ੍ਹਾਂ ਦੀ ਟਿਊਸ਼ਨ ਫੀਸ ਜਾਂ ਕੋਈ ਹੋਰ ਫੀਸ ਨਹੀਂ ਲਈ ਜਾਵੇਗੀ। ਸਰਕਾਰ ਦੁਆਰਾ ਆਰਥਿਕ ਰੂਪ ਤੋਂ ਕਮਜ਼ੋਰ ਬੱਚਿਆਂ ਨੂੰ ਕਿਤਾਬਾਂ ਆਦਿ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਇਹ ਵੀ ਦੱਸਿਆ ਜਾਂਦਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਬਜਟ 2020 ‘ਚ 12ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਦੀ ਫੀਸ ਮਾਫੀ ਅਤੇ ਪ੍ਰਾਇਮਰੀ ਸਕੂਲ ‘ਚ ਵੀ ਫ੍ਰੀ ਟਰਾਂਸਪੋਰਟੇਸ਼ਨ ਦੇਣ ਦਾ ਐਲਾਨ ਕੀਤਾ ਸੀ।