ਗੈਂਗਸਟਰ ਲਾਰੈਂਸ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਲਾਰੈਂਸ ਨੂੰ ਪੰਜਾਬ ਪੁਲਿਸ ‘ਤੇ ਉਸ ਦੇ ਐਨਕਾਊਂਟਰ ਦਾ ਸ਼ੱਕ ਹੈ। ਉਹ ਪੰਜਾਬ ਨਹੀਂ ਆਉਣਾ ਚਾਹੁੰਦਾ । ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਪੰਜਾਬ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ । ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂਡ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਹੈ। ਉਹ ਰਿਮਾਂਡ ਖ਼ਤਮ ਹੁੰਦੇ ਹੀ ਉਹ ਪੰਜਾਬ ਪੁਲਿਸ ਅਦਾਲਤ ਤੋਂ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰੇਗੀ।
ਜ਼ਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ 5.30 ਵਜੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਇਸ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ । ਗੋਲਡੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦਾ ਖਾਸ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦਾ ਵੇਰਵਾ ਵੀ ਸਾਹਮਣੇ ਆਇਆ ਹੈ । ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿੱਚ ਰਚੀ ਗਈ । ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਨੇ ਵਕੀਲਾਂ ਰਾਹੀਂ ਪਟੀਸ਼ਨ ਵਿੱਚ ਦਲੀਲ ਦਿੱਤੀ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਤੋਂ ਬਾਅਦ ਪੰਜਾਬ ਦਾ ਮਾਹੌਲ ਬਦਲਿਆ ਹੋਇਆ ਹੈ। ਸਰਕਾਰ ਸਿਆਸੀ ਹਾਲਾਤ ਸੁਧਾਰਨ ਲਈ ਉਸ ਦਾ ਫਰਜ਼ੀ ਐਨਕਾਊਂਟਰ ਕਰਵਾ ਸਕਦੀ ਹੈ। ਇਸ ਲਈ ਪੰਜਾਬ ਪੁਲਿਸ ਨੂੰ ਉਸ ਦੇ ਪ੍ਰੋਡਕਸ਼ਨ ਵਾਰੰਟ ਨਾ ਦਿੱਤੇ ਜਾਣ । ਜੇਕਰ ਉਸ ਨੂੰ ਪੰਜਾਬ ਭੇਜਿਆ ਜਾਂਦਾ ਹੈ ਤਾਂ ਫਿਰ ਦਿੱਲੀ ਪੁਲਿਸ ਦੀ ਸੁਰੱਖਿਆ ਦਿੱਤੀ ਜਾਵੇ । ਉਸ ਤੋਂ ਦਿੱਲੀ ਜਾਂ ਕਿਸੇ ਹੋਰ ਸੂਬੇ ਵਿਚ ਪੁੱਛਗਿੱਛ ਕੀਤੀ ਜਾਵੇ, ਪੰਜਾਬ ਵਿੱਚ ਨਹੀਂ। ਉਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: