ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿੱਚ ਇੱਕ ਵਿਆਹੁਤਾ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੁੜੀ ਦੇ ਸਹੁਰਾ ਪਰਿਵਾਰ ‘ਤੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਪ੍ਰਿਅੰਕਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਮ੍ਰਿਤਕ ਲੜਕੀ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਿਯੰਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਕਲਾਨੌਰ ਵਾਸੀ ਅਰੁਣ ਅਰੋੜਾ ਦੇ ਨਾਲ ਹੋਇਆ ਸੀ ਅਤੇ ਇਨ੍ਹਾਂ ਦੋਨਾਂ ਦੀ ਇੱਕ ਬੱਚੀ ਵੀ ਹੈ। ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਉਨ੍ਹਾਂ ਦੀ ਕੁੜੀ ਨੂੰ ਉਸ ਦਾ ਪਤੀ, ਸਹੁਰਾ ਅਤੇ ਸੱਸ ਦਹੇਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਵਾਰ ਵਾਰ ਪੈਸਿਆਂ ਦੀ ਮੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਨੇ ਆਪਣੀ ਲੜਕੀ ਨੂੰ ਪੈਸੇ ਭੇਜੇ ਸਨ ਪਰ ਇਸ ਵਾਰ ਉਸ ਦਾ ਪਤੀ ਅਰੁਣ ਅਰੋੜਾ ਦੀਵਾਲੀ ‘ਤੇ ਕਾਰ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਭਰਾ ਨੇ ਉਸ ਨੂੰ ਕਾਰ ਦੇਣੀ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਧੀ ਨਾਲ ਕੁੱਟ-ਮਾਰ ਕੀਤੀ ਗਈ ਤੇ ਮੌਤ ਦੇ ਘਾਟ ਉਤਾਰ ਦਿੱਤਾ ।
ਇਹ ਵੀ ਪੜ੍ਹੋ: ਦੀਵਾਲੀ ਦੀ ਸਫਾਈ ‘ਚ ਨਿਕਲੇ ਕਬਾੜ ਤੋਂ ਮੋਦੀ ਸਰਕਾਰ ਨੇ ਕਮਾਈ 254 ਕਰੋੜ ਰੁ., 3 ਹਫਤੇ ਚੱਲੀ ਮੁਹਿੰਮ
ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਪਵਨ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਕਾਰਵਾਈ ਕਰਦਿਆਂ ਧਾਰਾ-306 ਤਹਿਤ ਮੁਕੱਦਮਾ ਦਰਜ ਕਰ ਦਿੱਤਾ । ਉਨ੍ਹਾਂ ਕਿਹਾ ਕਿ ਕੁੜੀ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: