ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਉਝ ਤੇ ਰਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਤਬਾਹੀ ਮਚਾ ਰਿਹਾ ਹੈ। ਧੁੱਸੀ ਬੰਨ੍ਹ ਟੁੱਟਣ ਨਾਲ ਡੇਰਾ ਬਾਬਾ ਨਾਨਕ ਦੇ ਨੇੜੇ ਕਰਤਾਰਪੁਰ ਕਾਰੀਡੋਰ ਦੇ ਰਸਤੇ ‘ਤੇ ਰਾਵੀ ਦਰਿਆ ਦਾ ਪਾਣੀ ਭਰ ਗਿਆ ਹੈ। ਅਜਿਹੇ ਵਿੱਚ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਜਾਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਵੱਲੋਂ ਰਾਵੀ ਦਰਿਆ ਦੇ ਪਾਣੀ ਦਾ ਵਹਾਅ ਕਰਤਾਰਪੁਰ ਕਾਰੀਡੋਰ ਦੇ ਨਾਲ ਧੁੱਸੀ ਬੰਨ੍ਹ ਤੱਕ ਆ ਜਾਣ ਦੇ ਕਾਰਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਸਰਕਾਰ ਪਾਕਿਸਤਾਨੀ ਅਥਾਰਟੀ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਰਸਤੇ ਵਿੱਚ ਪੈਣ ਵਾਲੇ ਰਾਵੀ ਦੇ ਪਾਣੀ ‘ਤੇ ਰਿਪੋਰਟ ਲੈ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਗਲਿਆਰੇ ਦੇ ਨੇੜੇ ਧੁੱਸੀ ਬੰਨ੍ਹ ਤੋਂ ਹੁੰਦੇ ਹੋਏ ਪਾਕਸਿਤਾਨ ਵੱਲੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ, ਪਰ ਇਹ ਪਾਣੀ ਧੁੱਸੀ ਬੰਨ੍ਹ ਦੇ ਪਾਰ ਪਾਕਿਸਤਾਨ ਵੱਲ ਦਰਸ਼ਨ ਵਾਲੇ ਸਥਾਨ ਦੇ ਨੇੜੇ ਹੈ। ਇਸ ਪਾਣੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਧੁੱਸੀ ਬੰਨ੍ਹ ਤੇ ਦਰਸ਼ਨ ਵਾਲੇ ਸਥਾਨ ਨੂੰ ਕੋਈ ਖਤਰਾ ਨਹੀਂ ਹੈ।
ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਤੇ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਪਾਣੀ ਪਾਕਿਸਤਾਨ ਵੱਲੋਂ ਕਿਵੇਂ ਆਇਆ, ਇਸਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੋਕ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਉਸ ਪਾਰ ਹੈ। ਇਸ ਸਮੇਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਲਈ ਸ਼ਰਧਾਲੂਆਂ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਉਝ ਦਰਿਆ ਵਿੱਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਹੈ , ਜਿਸਦੇ ਚਲਦਿਆਂ ਮਕੌੜਾ ਪਤਨ ਤੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜਿਸ ਕਾਰਨ ਫੌਜ ਤੇ BSF ਵੱਲੋਂ ਰਾਹਤ ਕਾਰਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: