Harish Rai Dhanda on farm bills: ਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਦੇਸ਼ ਦੀਆਂ ਕਿਸਾਨ ਜਥੇਬੰਧੀਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਇਸ ਵਿਰੋਧ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵੱਲੋਂ ਇੱਕ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਖਿਲਾਫ ਇੱਕ ਬਿੱਲ ਪਾਸ ਕੀਤਾ ਗਿਆ ਹੈ। ਕਿਉਂਕਿ ਬਹੁਤ ਸਮੇਂ ਤੋਂ ਕਿਸਾਨਾਂ ਵੱਲੋਂ ਪੰਜਾਬ ਦੇ ਮੰਤਰੀ ਤੋਂ ਇੱਕ ਵਿਸ਼ੇਸ਼ ਇਜਲਾਸ ਬੁਲਾ ਕੇ ਇਸਦਾ ਹੱਲ ਕੱਢਣ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਇਸ ਬਿੱਲ ਵਿੱਚ ਦੋ ਕਾਨੂੰਨੀ ਪਹਿਲੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਬਣਾਏ ਗਏ ਕਾਨੂੰਨਾਂ ਨਾਲ ਮਾਰਕੀਟ ਫੀਸ ਇਕੱਠੀ ਕੀਤੀ ਜਾ ਸਕਦੀ ਹੈ। ਝੋਨੇ ਤੇ ਕਣਕ ਨੂੰ MSP ਤੋਂ ਘੱਟ ਨਹੀਂ ਖਰੀਦਿਆ ਜਾ ਸਕਦਾ। ਇਸ ਸਬੰਧੀ ਜੇਕਰ ਕੋਈ ਵੀ ਸ਼ਖਸੀਅਤ ਕਿਸੇ ਨੂੰ ਧੱਕੇ ਨਾਲ ਵੇਚਣ ਲਈ ਮਜ਼ਬੂਰ ਕਰਦਾ ਹੈ ਤਾਂ ਉਸਨੂੰ 3 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਹ ਬਿੱਲ ਲਿਆ ਕੇ ਆਪਣਾ ਇਸ ਤੋਂ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਹੈ। MSP ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ ਝੋਨੇ ਤੇ ਕਣਕ ਦੀ MSP ਬਾਰੇ ਹੀ ਕਿਹਾ ਗਿਆ ਹੈ। ਇਸ ਬਿੱਲ ਬਾਰੇ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮਾਹਿਰਾਂ ਦੀ ਰਾਏ ਜਾਂ ਸਹਿਮਤੀ ਦੇ ਨਾਲ ਹੀ ਇਸਨੂੰ ਅੱਗੇ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਿਰਫ ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਨਾਲ ਇਹ ਕਾਨੂੰਨ ਨਹੀਂ ਬਣ ਸਕਦਾ ਕਿਉਂਕਿ ਇਸ ‘ਤੇ ਕੇਂਦਰ ਸਰਕਾਰ ਦਾ ਵੀ ਪੂਰਾ ਅਧਿਕਾਰ ਹੈ।