ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ । ਹਰਸਿਮਰਤ ਕੌਰ ਬਾਦਲ ਬਠਿੰਡਾ ਜ਼ਿਲ੍ਹੇ ਵਿੱਚ ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ ।
ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ED ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਵਿੱਚ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪੱਸ਼ਟ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੱਸਣ ਕਿ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਕਿਵੇਂ ਮਿਲੇ ਹਨ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਸ ਤੋਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ । ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ । ਸਮਾਜ ਦੇ ਗਰੀਬ ਤੇ ਐਸ ਸੀ ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੀ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਕਰ ਦਿੱਤੀਆਂ ਗਈਆਂ । ਉਨ੍ਹਾਂ ਕਿਹਾ ਕਿ ਅਜਿਹਾ ਰਿਕਾਰਡ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕੀਤਾ । ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ।
ਇਸ ਤੋਂ ਇਲਾਵਾ ਹਰਸਿਮਰਤ ਬਾਦਲ ਨੇ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਨ੍ਹਾਂ ਨੇ ਇੱਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਪੋਸਟ ਵੀ ਵੇਚ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: