ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬੇ ਦੇ ਜੇਲ੍ਹਾਂ ‘ਚੋਂ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਜਾਣਕਾਰੀ ਮੁਤਾਬਕ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬੇ ਦੇ ਜੇਲ੍ਹਾਂ ‘ਚ ਬੰਦ 25 ਦੇ ਕਰੀਬ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ‘ਚ ਤਬਦੀਲ ਕਰਨ ਲਈ ਕਿਹਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ‘ਤੇ ਕਾਰਵਾਈ ਵੀ ਸ਼ੁਰੂ ਹੋ ਸਕਦੀ ਹੈ।
ਦੱਸ ਦੇਈਏ ਕਿ NIA ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਦੀਆਂ ਜੇਲਾਂ ‘ਚ ਬੰਦ ਗੈਂਗਸਟਰਾਂ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ ਹਨ। NIA ਵੱਲੋਂ ਇਸ ਗਠਜੋੜ ਨੂੰ ਤੋੜਨਾ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਝ ਸੂਬਿਆਂ ‘ਚ ਸੀਨੀਅਰ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਇਨ੍ਹਾਂ ਗੈਂਗਸਟਰਾਂ ਨੂੰ ਦੱਖਣੀ ਸੂਬਿਆਂ ਵਿੱਚ ਸ਼ਿਫਟ ਕਰਨ ਪਿੱਛੇ ਇੱਕ ਕਾਰਨ ਇਹ ਹੈ ਕਿ ਉੱਥੇ ਇਨ੍ਹਾਂ ਲੋਕਾਂ ਲਈ ਭਾਸ਼ਾ ਦਾ ਅੜਿੱਕਾ ਬਣ ਜਾਵੇਗਾ। ਦੂਜਾ ਉੱਥੇ ਨੈੱਟਵਰਕ ਬਣਾਉਣਾ ਉਨ੍ਹਾਂ ਲਈ ਆਸਾਨ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਮੰਤਰਾਲੇ ਵੱਲੋਂ ਸੂਬਿਆਂ ਦੀ ਰਾਏ ਲਈ ਜਾਵੇਗੀ। ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਲਈ ਸੂਬਾ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਉੱਚ ਸੁਰੱਖਿਆ ਵਾਲੀ ਜੇਲ ਬਣਾਉਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ NIA ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਇਸ ਜੇਲ੍ਹ ‘ਤੇ 100 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਜ਼ਿਆਦਾਤਰ ਰਾਸ਼ੀ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਸ ਜੇਲ੍ਹ ਵਿੱਚ ਸਾਰੇ ਮੁਲਜ਼ਮਾਂ ਦੇ ਵੱਖ-ਵੱਖ ਸੈੱਲ ਹੋਣਗੇ, ਤਾਂ ਜੋ ਗੈਂਗਸਟਰਾਂ ਵਿੱਚ ਕੋਈ ਤਾਲਮੇਲ ਨਾ ਰਹੇ। ਹਰਿਆਣਾ ਅਤੇ ਪੰਜਾਬ ਦੇ ਗੈਂਗਸਟਰਾਂ ਲਈ ਸਾਂਝੀ ਜੇਲ੍ਹ ਵੀ ਹੋ ਸਕਦੀ ਹੈ।