high yielding maize seeds: ਜਲੰਧਰ: ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਮੁੜੀ ਲੀਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਉਚੱਾ ਚੁੱਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਵਲੋਂ ਮੋੜ ਕੇ ਮੱਕੀ ਹੇਠ ਰਕਬੇ ਨੂੰ ਦੁੱਗਣਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਖੇਤੀ ਵਿਭਿੰਨਤਾ ਦੇ ਇਸ ਅਹਿਮ ਪ੍ਰੋਗਰਾਮ ਰਾਹੀਂ ਖੇਤੀਬਾੜੀ ਵਿਭਾਗ ਵਲੋਂ ਕਿਸਾਨਾ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਾਲ ਜਲੰਧਰ ਵਿੱਚ ਮੱਕੀ ਹੇਠ 8800 ਹੈਕਟੇਅਰ ਰਕਬੇ ਨੂੰ ਵਧਾ ਕੇ 16500 ਹੈਕਟੇਅਰ ਰਕਬਾ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਪ੍ਰਮਾਣਿਤ ਕੀਤੇ ਮੱਕੀ ਦੇ ਅਨੇਕਾ ਹਾਈਬ੍ਰਿਡ ਕਿਸਮ ਦੇ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਾਂ ਬੀਜਾਂ ਵਿੱਚ ਡੀ.ਕੇ.ਸੀ. 9164, ਐਨ.ਕੇ. 7750, ਐਨ.ਕ. 7720, ਪੀ- 3396, ਪੀ-3401, ਪੀ.ਏ.ਸੀ.-751, ਏ.ਡੀ.ਵੀ.ਜੀ-9293, ਪੀ.ਐਮ.ਐਚ.-1, ਪੀ.ਐਲ.-801, ਪੀ.ਐਲ.-901, ਟੀ.ਐਕਸ 369, ਲਕਸ਼ਮੀ-333, ਐਲ.ਜੀ. 3405 ਅਤੇ ਹੋਰ ਬੀਜ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ 37 ਸੈਂਟੀਮੀਟਰ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਨੂੰ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਕਰਨ ਵਾਲਾ ਐਲਾਨਿਆ ਜਾ ਚੁੱਕਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਮੱਕੀ ਦੀ ਫ਼ਸਲ ਝੋਨੇ ਦੀ ਫਸ਼ਲ ਦਾ ਸਭ ਤੋਂ ਢੁਕਵਾਂ ਬਦਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਕ ਕਿਲੋ ਝੋਨੇ ਲਈ 3700 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਜਦਕਿ ਇਕ ਕਿਲੋ ਮੱਕੀ ਲਈ 1222 ਲੀਟਰ ਪਾਣੀ ਦੀ ਲੋੜ ਹੈ ਜੋ ਕਿ ਝੋਨੇ ਦੀ ਫ਼ਸਲ ਨਾਲੋਂ ਕਿਤੇ ਘੱਟ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵਲੋਂ ਮੱਕੀ ਦੀ ਫ਼ਸਲ ਦੀ ਮਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਵੀ ਜੀ ਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਮੰਡੀਆਂ ਵਿੱਚ ਮੱਕੀ ਦੀ ਫ਼ਸਲ ਲਿਆਉਣ ਤੋਂ ਪਹਿਲਾਂ ਪੋਰਟੇਬਲ ਡਰਾਇਰ ਦੀ ਵਰਤੋਂ ਕਰਨ ਤਾਂ ਕਿ ਉਨਾਂ ਨੂੰ ਇਸ ਦਾ ਵੱਧ ਤੋਂ ਵੱਧ ਮੁੱਲ ਮਿਲ ਸਕੇ।