Hoshiarpur Rape-Murder : ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸ਼ਾਮ ਪਿੰਡ ਜਲਾਲਪੁਰ ‘ਚ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ. ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਸੁੰਦਰ ਸ਼ਾਮ ਅਰੋੜਾ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ਆਂ ਨੂੰ ਮਿਸਾਲੀ ਸਜ਼ਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਤੇ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਹੈ ਤੇ ਇਸ ਕੇਸ ਦੀ ਕਾਰਵਾਈ ਫਾਸਟ ਟਰੈਕ ਨਾਲ ਚਲਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮਿਲ ਸਕੇ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੀ ਪੰਚਾਇਤੀ ਜ਼ਮੀਨ ‘ਚੋਂ ਪੀੜਤ ਪਰਿਵਾਰ ਨੂੰ 5 ਮਰਲੇ ਦਾ ਪਲਾਟ ਦਿੱਤਾ ਜਾਵੇਗਾ ਅਤੇ ਘਰ ਨੂੰ ਬਣਾਉਣ ‘ਚ ਵੀ ਪਰਿਵਾਰ ਦੀ ਮਦਦ ਕੀਤੀ ਜਾਵੇਗੀ ਕਿਉਂਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਮਾੜੀ ਹੈ ਤੇ ਉਹ ਇਸ ਸਮੇਂ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਹੈ। ਇਸ ਦੇ ਨਾਲ ਹੀ ਸ਼ਾਮ ਸੁੰਦਰ ਅਰੋੜਾ ਨੇ ਪੀੜਤ ਪਰਿਵਾਰ ਦੀਆਂ 5 ਕੁੜੀਆਂ ਦੇ ਨਾਂ ਐੱਫ. ਡੀ. ਕਰਵਾਉਣ ਲਈ ਆਪਣੀ ਜੇਬ ‘ਚੋਂ 2.50 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਹ ਰਕਮ ਆਪਣੇ ਨਿੱਜੀ ਫੰਡ ‘ਚੋਂ ਦੇਣਗੇ ਤੇ ਪੀੜਤ ਪਰਿਵਾਰ ਦੀਆਂ ਪੰਜ ਕੁੜੀਆਂ ਦੇ ਨਾਂ 50-50 ਹਜ਼ਾਰ ਰੁਪਏ ਬੈਂਕ ‘ਚ ਜਮ੍ਹਾ ਕਰਵਾਉਣਗੇ।
ਇਥੇ ਇਹ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਜਲਾਲਪੁਰ ਪਿੰਡ ਵਿਖੇ 6 ਸਾਲਾ ਬੱਚੀ ਨਾਲ ਵੱਲੋਂ ਜਬਰ ਜਨਾਹ ਕੀਤਾ ਗਿਆ ਤੇ ਫਿਰ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਲੋਕਾਂ ਦੇ ਮਨ ‘ਚ ਬਹੁਤ ਹੀ ਰੋਸ ਹੈ। ਭਾਵੇਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਫਿਰ ਵੀ ਲੋਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਲੋਕਾਂ ਦੇ ਮਨ ‘ਚ ਡਰ ਪੈਦਾ ਹੋ ਸਕੇ ਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਹ ਜ਼ਰੂਰ ਸੋਚਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ DGP ਨੂੰ ਇਸ ਕੇਸ ਦੀ ਕਾਰਵਾਈ ਲਈ ਸਖਤ ਨਿਰਦੇਸ਼ ਦਿੱਤੇ ਹੋਏ ਹਨ।