ਪੰਜਾਬ ਦੇ ਮਾਲ ਅਫਸਰਾਂ ਵੱਲੋਂ ਸਮੂਹਿਕ ਛੁੱਟੀ ‘ਤੇ ਜਾਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤੀ ਵਿਖਾਈ ਹੈ ਅਤੇ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਪਰਤਣ ਦਾ ਅਲਟੀਮੇਟਮ ਦੇ ਦਿੱਤਾ ਹੈ, ਨਹੀਂ ਤਾਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇਨ੍ਹਾਂ ਹੁਕਮਾਂ ਦੇ ਚੱਲਦਿਆਂ ਪ੍ਰਸ਼ਾਸਨ ਵੀ ਐਕਸ਼ਨ ਮੋਡ ਵਿੱਚ ਆ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਡੀਸੀ ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਸਮੂਹ ਸਬ-ਰਜਿਸਟਰਾਰ ਅਤੇ ਸੰਯੁਕਤ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਰਜਿਸਟਰੇਸ਼ਨ ਦਾ ਕੰਮ ਪੀ.ਸੀ.ਐਸ.ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ।
ਡੀਸੀ ਹਿਮਾਂਸ਼ੂ ਅਗਰਵਾਲ ਨੇ ਰਜਿਸਟ੍ਰੇਸ਼ਨ ਐਕਟ 1908 ਦੀ ਧਾਰਾ 12 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਕੰਮ ’ਤੇ ਪਰਤਣ ਲਈ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਵਿੱਚ ਕੰਮਕਾਜ ਨਾ ਰੋਕਣ ਬਾਰੇ ਕਿਹਾ ਹੈ। ਪੰਜਾਬ ਸਰਕਾਰ ਨੇ ਮਾਲ ਅਫਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫੈਸਲਾ ਲਿਆ ਹੈ। ਗਜ਼ਟਿਡ ਅਧਿਕਾਰੀ ਤਹਿਸੀਲਦਾਰ ਦੀ ਥਾਂ ‘ਤੇ ਕਾਨੂੰਗੋ ਰਜਿਸਟਰੀ ਕਰਨਗੇ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਪੰਜਾਬ ਭਰ ‘ਚ ਤਹਿਸੀਲਦਾਰ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਉਨ੍ਹਾਂ ਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੁਣ CM ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਐਕਸ਼ਨ ਵਿੱਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ। ਹੁਣ ਲੋਕ ਤੈਅ ਕਰਨਗੇ ਕਿ ਉਹ ਛੁੱਟੀ ਤੋਂ ਬਾਅਦ ਕਿੱਥੇ ਜੁਆਇਨ ਕਰਨਗੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਇੰਤਕਾਲ ਦਰਜ ਕਰਨ ਲਈ 4,000 ਰੁ. ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਇਸ ਦੇ ਨਾਲ ਹੀ ਅੱਜ ਸੀਐਮ ਭਗਵੰਤ ਮਾਨ, ਖਰੜ ਅਤੇ ਜ਼ੀਰਕਪੁਰ ਸਮੇਤ ਕੁਝ ਹੋਰ ਤਹਿਸੀਲਾਂ ਦਾ ਦੌਰਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਛੁੱਟੀ ‘ਤੇ ਜਾਣ ਵਾਲਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਬਲੈਕਮੇਲ ਨਹੀਂ ਕਰ ਸਕਣਗੇ। ਇਸ ਦੇ ਨਾਲ ਹੀ ਸਰਕਾਰ ਨੇ ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਨੂੰ 5 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਮੰਨਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
