ਫਰਵਰੀ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਲਗਾਤਾਰ ਆਮ ਨਾਲੋਂ ਵੱਧ ਰਿਹਾ ਹੈ। ਮੌਸਮ ਫਰਵਰੀ ਵਿਚ ਮਾਰਚ ਵਰਗਾ ਹੋ ਗਿਆ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਗਰਮੀ ਮਹਿਸੂਸ ਹੋਣ ਲੱਗੀ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਠੰਢ ਘੱਟ ਗਈ ਹੈ। ਵਧਦੀ ਗਰਮੀ ਨੇ ਕਿਸਾਨਾਂ ਦੇ ਨਾਲ-ਨਾਲ ਮੌਸਮ ਵਿਗਿਆਨੀਆਂ ਨੂੰ ਵੀ ਪ੍ਰੇਸ਼ਾਨ ਕਰ ਦਿੱਤਾ ਹੈ। ਲਗਾਤਾਰ ਕਈ ਦਿਨਾਂ ਤੱਕ ਤਾਪਮਾਨ ਵਿੱਚ ਵਾਧਾ ਕਣਕ ਸਮੇਤ ਹੋਰ ਫ਼ਸਲਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਅਜਿਹੇ ‘ਚ ਵਧੇ ਤਾਪਮਾਨ ਨੂੰ ਘੱਟ ਕਰਨ ਲਈ ਬਾਰਿਸ਼ ਜ਼ਰੂਰੀ ਹੈ। ਪੰਜਾਬ ‘ਚ 18 ਫਰਵਰੀ ਤੋਂ ਮੌਸਮ ਬਦਲੇਗਾ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਸੁਰਿੰਦਰ ਪਾਲ ਮੁਤਾਬਕ ਪੰਜਾਬ ਵਿੱਚ 19 ਅਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਹਾੜਾਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪੰਜਾਬ ‘ਚ ਠੰਡ ਫਿਰ ਤੋਂ ਵਾਪਸ ਆਵੇਗੀ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਦੇ ਪਾਰੇ ਵਿੱਚ ਬਦਲਾਅ ਆਇਆ ਹੈ। ਮੌਸਮ ਵਿਭਾਗ ਮੁਤਾਬਕ 19 ਅਤੇ 20 ਫਰਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਸੂਬੇ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਸੂਬੇ ਵਿੱਚ ਪਾਰਾ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਐਤਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ 7 ਤੋਂ 11 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ।
ਪੰਜਾਬ ਵਿੱਚ ਘੱਟ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। 2024 ਦਾ ਮਾਨਸੂਨ ਸੋਕਾ ਲੰਘ ਜਾਣ ਤੋਂ ਬਾਅਦ ਹੁਣ 2025 ਦੀ ਸ਼ੁਰੂਆਤ ਵੀ ਘੱਟ ਬਾਰਿਸ਼ ਨਾਲ ਹੋਈ ਹੈ। 1 ਜਨਵਰੀ ਤੋਂ ਬਾਅਦ ਪੰਜਾਬ ਵਿੱਚ ਔਸਤਨ 35.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ।
ਇਹ ਵੀ ਪੜ੍ਹੋ : 112 ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ ਏਅਰਪੋਰਟ, ਇਸ ਵਾਰ ਵੀ ਲੱਗੀਆਂ ਹੱਥਕੜੀਆਂ
ਇਸ ਦੇ ਨਾਲ ਹੀ ਭਾਖੜਾ ਡੈਮ ਮੈਨੇਜਮੈਂਟ ਪਹਿਲਾਂ ਹੀ ਡੈਮਾਂ ਵਿੱਚ ਪਾਣੀ ਘੱਟ ਹੋਣ ਕਾਰਨ ਚਿੰਤਾ ਪ੍ਰਗਟ ਕਰ ਚੁੱਕੀ ਹੈ। ਪੰਜਾਬ ਦੇ ਨਾਲ-ਨਾਲ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਨੂੰ ਇਸ ਸਾਲ ਸਿੰਚਾਈ ਅਤੇ ਬਿਜਲੀ ਉਤਪਾਦਨ ਵਿੱਚ ਗਿਰਾਵਟ ਦੀ ਚੇਤਾਵਨੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
