ਮੰਡੀਆਂ ‘ਚ ਫ਼ਸਲਾਂ ਦੀ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ। ਸਰਕਾਰ ਨੇ ਅਨਾਜ ਦੀ ਚੁਕਾਈ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦੇ ਰੇਟ ‘ਚ ਵਾਧਾ ਕੀਤਾ ਹੈ। ਸਰਕਾਰ ਨੇ ਉਨ੍ਹਾਂ ਦੇ ਕਮਿਸ਼ਨ ਵਿੱਚ 43 ਪੈਸੇ ਦਾ ਵਾਧਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਬੋਰੀ ਚੁੱਕਣ ਲਈ 2.64 ਰੁਪਏ ਮਿਲਣਗੇ। ਇੱਕ ਸਾਲ ਪਹਿਲਾਂ ਕਣਕ ਦੇ ਸੀਜ਼ਨ ਵਿੱਚ ਉਨ੍ਹਾਂ ਨੂੰ 1.80 ਰੁਪਏ ਪ੍ਰਤੀ ਬੋਰੀ ਮਿਲਦੀ ਸੀ।
ਝੋਨੇ ਦੇ ਸੀਜ਼ਨ ਦੌਰਾਨ ਇਸ ਵਿੱਚ 41 ਪੈਸੇ ਦਾ ਵਾਧਾ ਕੀਤਾ ਗਿਆ ਸੀ। ਇਹ ਰੇਟ 2.21 ਰੁਪਏ ਹੋ ਗਿਆ ਸੀ। ਹੁਣ ਇਹ 2.64 ਰੁਪਏ ਹੋ ਗਿਆ ਹੈ। ਇਸ ਨਾਲ ਉਨ੍ਹਾਂ ਨੂੰ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਇਹ ਦਾਅਵਾ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
![]()
ਮੰਤਰੀ ਨੇ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਬੰਪਰ ਫਸਲ ਪਹੁੰਚਣ ਦੀ ਉਮੀਦ ਹੈ। ਸੂਬਾ ਕੇਂਦਰੀ ਪੂਲ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦਾ ਯੋਗਦਾਨ ਦੇਵੇਗਾ। ਇਸ ਦੇ ਲਈ ਕੇਂਦਰ ਸਰਕਾਰ ਨੇ 28 ਹਜ਼ਾਰ 894 ਕਰੋੜ ਰੁਪਏ ਦੀ ਸੀ.ਸੀ.ਐਲ. ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀ ਵਿੱਚ ਅਨਾਜ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਲਈ 1864 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। 800 ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਕਿਸਾਨਾਂ ਨੂੰ 2425 ਰੁਪਏ MSP ਦੇ ਰਹੀ ਹੈ।
ਇਹ ਵੀ ਪੜ੍ਹੋ : ਅਬੋਹਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਫੈਡਰਲ ਪੀਸ ਅਫ਼ਸਰ
ਮੰਤਰੀ ਨੇ ਦੱਸਿਆ ਕਿ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਤਿੰਨ ਲੱਖ 22 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 851 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੋਰ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























