ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡਰੱਗ ਮਨੀ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਮਜੀਠੀਆ ਨੂੰ ਲੈ ਕੇ ਵਿਜੀਲੈਂਸ ਹੁਣ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਪਹੁੰਚ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਨੇ ਹਾਲ ਹੀ ਵਿੱਚ ਮਜੀਠੀਆ ਨੂੰ ਹਿਰਾਸਤ ਵਿੱਚ ਲਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਜਾਂਚ ਲਈ ਮਜੀਠੀਆ ਨੂੰ ਵੱਖ-ਵੱਖ ਥਾਵਾਂ ‘ਤੇ ਲਿਜਾਣ ਦੀਆਂ ਚਰਚਾਵਾਂ ਸਨ। ਅੱਜ ਵਿਜੀਲੈਂਸ ਟੀਮ ਮਜੀਠੀਆ ਨੂੰ ਲੈ ਕੇ ਸ਼ਿਮਲਾ ਪਹੁੰਚ ਗਈ ਹੈ। ਪਤਾ ਲੱਗਾ ਹੈ ਕਿ ਮਜੀਠੀਆ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਲਈ ਵਿਜੀਲੈਂਸ ਟੀਮ ਅੱਜ ਸ਼ਿਮਲਾ ਦੇ ਮਸ਼ੋਬਰਾ ਪਹੁੰਚੀ ਹੈ।
ਦਰਅਸਲ, ਮਜੀਠੀਆ ਦੀ ਸ਼ਿਮਲਾ ਦੇ ਮਸ਼ੋਬਰਾ ਵਿੱਚ ਇੱਕ ਨਿੱਜੀ ਜਾਇਦਾਦ ਹੈ, ਜਿਸ ਦੀ ਜਾਂਚ ਲਈ ਵਿਜੀਲੈਂਸ ਮਜੀਠੀਆ ਨੂੰ ਲੈ ਕੇ ਸ਼ਿਮਲਾ ਪਹੁੰਚੀ ਹੈ। ਵਿਜੀਲੈਂਸ ਨੇ ਮਜੀਠੀਆ ਤੋਂ ਲੰਬੇ ਸਮੇਂ ਤੋਂ ਪੁੱਛਗਿੱਛ ਕੀਤੀ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਗਵਾਹਾਂ ਦੇ ਬਿਆਨਾਂ ਤੋਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ ਹਨ, ਜੋ ਇਸ ਮਾਮਲੇ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਕੱਲ੍ਹ ਵਿਜੀਲੈਂਸ ਨੇ 540 ਕਰੋੜ ਰੁਪਏ ਦੇ ਡਰੱਗ ਮਨੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਮਜੀਠੀਆ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪਟਿਆਲਾ ‘ਚ ਬਦਮਾਸ਼ ਬੱਬੂ ਦਾ ਐਨਕਾਊਂਟਰ, ਜਵਾਬੀ ਕਾਰਵਾਈ ਵਿਚ ਲੱਤ ‘ਚ ਲੱਗੀ ਗੋਲੀ
ਜਦੋਂ ਵਿਜੀਲੈਂਸ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਤੋਂ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਗਏ। ਇਸ ਦੇ ਨਾਲ ਹੀ ਵਿਜੀਲੈਂਸ ਨੇ ਕਿਹਾ ਕਿ ਮਜੀਠੀਆ ਨੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਈ ਹੈ। ਮਜੀਠੀਆ ਵੱਲੋਂ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਬੇਹਿਸਾਬੀ ਨਕਦੀ ਜਮ੍ਹਾ ਹੈ। ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























