ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਜੋੜਨ ਵਾਲੀ ਸੜਕ ਦੇ ਨਾਂ ‘ਚ ਫੇਰਬਦਲ ਕਰ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਇਸ ਸੜਕ ਦਾ ਨਾਂ ਸਾਬਕਾ ਮੰਤਰੀ ਦੇ ਨਾਂ ‘ਤੇ ਰੱਖਿਆ ਗਿਆ। ਸੜਕ ਦਾ ਨਾਂ ਬਦਲਕੇ ਹੁਣ ਸ੍ਰੀ ਗੁਰੂ ਅਰਜਨ ਦੇਵ ਮਾਰਗ ਰੱਖ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਇਸ ਸੜਕ ਦਾ ਉਦਘਾਟਨ ਕਰਨਗੇ।
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਤਰਨਤਾਰਨ ਵੱਲ ਜਾਣ ਵਾਲੀ ਸੜਕ ਦਾ ਨਾਂ ਕਾਂਗਰਸ ਸਰਕਾਰ ਨੇ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਨਾਂ ‘ਤੇ ਰੱਖਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ 6 ਮਹੀਨਿਆਂ ਵਿਚ ਹੀ ਨਾਵਾਂ ਵਿਚ ਫੇਰਬਦਲ ਸ਼ੁਰੂ ਕਰ ਦਿੱਤਾ ਹੈ। ਸੜਕ ਹੁਣ ਸ੍ਰੀ ਗੁਰੂ ਅਰਜਨ ਦੇਵ ਮਾਰਗ ਦੇ ਨਾਂ ਤੋਂ ਜਾਣੀ ਜਾਵੇਗੀ।
ਇਹ ਵੀ ਪੜ੍ਹੋ : ‘ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਵਾਜ੍ਹਬ ਭਾਅ ਦੇਵੇ’ : CM ਮਾਨ
ਸਰਦੂਲ ਬੰਡਾਲਾ ਦਾ ਦੇਹਾਂਤ 2018 ਵਿਚ ਹੋ ਗਿਆ ਸੀ ਪਰ ਇਸ ਤੋਂ ਪਹਿਲਾਂ ਉਹ ਦੋ ਵਾਰ ਜੰਡਿਆਲਾ ਗੁਰੂ ਤੋਂ ਵਿਧਾਇਕ ਚੁਣੇ ਗਏ। 1992 ਤੇ 2002 ਦੀਆਂ ਚੋਣਾਂ ਬੰਡਾਲਾ ਨੇ ਜਿੱਤੀਆਂ ਪਰ 2012 ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 2002 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਸੀ। 2017 ‘ਚ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਡੈਨੀ ਚੋਣ ਮੈਦਾਨ ਵਿਚ ਉਤਰੇ ਸਨ ਤੇ ਜਿੱਤ ਹਾਸਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: