June 10 for paddy sowing: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਦੀ ਤਾਰੀਖ ਤੈਅ ਕੀਤੀ ਗਈ ਹੈ, ਪ੍ਰੰਤੂ ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ ਕੇ ਖੇਤਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਵਾਸੀ ਮਜਦੂਰਾਂ ਦੀ ਕਮੀ ਦੇ ਕਾਰਨ 10 ਜੂਨ ਤੋਂ ਇੱਕਠੇ ਝੋਨੇ ਦੀ ਬਿਜਾਈ ਕਰਨ ਸਮੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ, ਇਸ ਲਈ ਕਿਸਾਨ ਸਰਕਾਰ ਤੋਂ ਝੋਨੇ ਦੀ ਬਿਜਾਈ ਇੱਕ ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪਾਣੀ ਨੂੰ ਬਚਾਉਣ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਡਾਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਬਿਜਾਈ ਲਈ 20 ਜੂਨ ਦੀ ਤਾਰੀਖ ਦੀ ਸਿਫਾਰਿਸ਼ ਕੀਤੀ ਗਈ ਸੀ, ਪ੍ਰੰਤੂ ਕਿਸਾਨਾਂ ਦੀ ਮੰਗ ਉੱਤੇ ਸਰਕਾਰ ਵੱਲੋਂ ਪਿਛਲੇ ਸਾਲ ਅਤੇ ਇਸ ਸਾਲ ਝੋਨੇ ਦੀ ਬਿਜਾਈ ਲਈ 10 ਜੂਨ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਪਾਣੀ ਦੇ ਡਿੱਗਦੇ ਪੱਧਰ ਲਈ ਨੁਕਸਾਨ ਦੇਹ ਹੈ ਅਤੇ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ।
ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਸਰਕਾਰ 1 ਜੂਨ ਤੋਂ ਝੋਨੇ ਦੀ ਬਿਜਾਈ ਲਈ ਨਾ ਮੰਨੀ ਤਾਂ ਕਿਸਾਨ ਯੂਨੀਅਨ ਵੱਲੋ ਕਿਸਾਨਾਂ ਨਾਲ ਖੜਕੇ 1 ਜੂਨ ਤੋਂ ਝੋਨੇ ਦੀ ਬਿਜਾਈ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕਰਨ ਦਾ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਕਿਸਾਨ ਗੋਰਾ ਸਿੰਘ, ਹਰਦੇਵ ਸਿੰਘ ਅਤੇ ਰਾਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਉੱਤੇ ਆਪਨੇ ਹੀ ਖੇਤ ਵਿੱਚ ਫਸਲ ਦੀ ਬਿਜਾਈ ਉੱਤੇ ਪਾਬੰਦੀ ਲਗਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਬਿਜਾਈ ਕਰਨ ਦੀ ਛੋਟ ਹੁੰਦੀ ਸੀ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਵਿੱਚ ਮੁਸ਼ਕਿਲ ਨਹੀਂ ਆਉਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਨਿਰਧਾਰਤ ਸਮੇਂ ਤੇ ਝੋਨੇ ਦੀ ਬਿਜਾਈ ਕਰਨੀ ਪਵੇਗੀ, ਤਾਂ ਬਾਅਦ ਵਿੱਚ ਫਸਲ ਪੱਕਣ ਤੋਂ ਬਾਦ ਝੋਨੇ ਵਿੱਚ ਨਮੀ ਦੇ ਚੱਲਦਿਆਂ ਮੰਡੀਆਂ ਵਿੱਚ ਮੁਸ਼ਕਿਲ ਆਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਦੁਬਾਰਾ ਲਾਕਡਾਉਨ ਦੇ ਚਲਦੇ ਮਜਦੂਰਾਂ ਦੀ ਕਮੀ ਦੇ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿੱਚ ਮੁਸ਼ਕਿਲ ਆਵੇਗੀ। ਇਸ ਲਈ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀ ਇਜਾਜਤ ਦੇਵੇ, ਨਹੀਂ ਤਾਂ ਕਿਸਾਨ ਯੂਨੀਅਨ ਕਿਸਾਨਾਂ ਦੇ ਨਾਲ ਖੜੇ ਹੋ ਕੇ ਝੋਨੇ ਦੀ ਬਿਜਾਈ 1 ਜੂਨ ਤੋਂ ਕਰਵਾਏਗੀ।