ਕਪੂਰਥਲਾ ਦੀ ਬੇਗੋਵਾਲ ਪੁਲਿਸ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਚੋਰੀ ਦੇ ਮੋਟਰਸਾਇਕਲ (ਬਿਨਾਂ ਨੰਬਰੀ) ਅਤੇ 4 ਖੋਹੇ ਹੋਏ ਮੋਬਾਈਲ ਬਰਾਮਦ ਕੀਤੇ ਗਏ ਹਨ। ਥਾਣਾ ਬੇਗੋਵਾਲ ਦੇ SHO ਨੇ ਦੱਸਿਆ ਕਿ ਇਲਾਕੇ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਅਤੇ ਬੇਗੋਵਾਲ ਇਲਾਕੇ ‘ਚ ਹੋ ਰਹੀਆਂ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਕਬਰਪੁਰ ਦੇ ਥਾਣਾ ਬੇਗੋਵਾਲ ਦੇ SHO ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਲ ਹੀ ਵਿਚ ਰਾਹੁਲ ਯਾਦਵ ਪੁੱਤਰ ਉਮੇਸ਼ ਯਾਦਵ ਵਾਸੀ ਬੇਗੋਵਾਲ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਉਹ ਆਪਣੇ ਭਰਾ ਨਾਲ ਗੁਰਦੁਆਰਾ ਸਾਹਿਬ ਮੀਖੋਵਾਲ ਤੋਂ ਪੈਦਲ ਜਾ ਰਿਹਾ ਸੀ। ਪੱਟੀ ਬੇਗੋਵਾਲ ਚੰਡੀਗੜ੍ਹ ਲੈਬਾਰਟਰੀ ਨੇੜੇ ਭਾਦਾਸ ਚੌਂਕ ਬੇਗੋਵਾਲ ਵੱਲ ਜਾ ਰਿਹਾ ਸੀ ਤਾਂ ਉਸਦੇ ਪਿੱਛੇ ਆ ਰਹੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸਦੇ ਭਰਾ ਡਿੰਪਲ ਤੋਂ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਆਬਕਾਰੀ ਤੇ ਪੁਲਿਸ ਦੀ ਸਾਂਝੀ ਕਾਰਵਾਈ, 25,500 ਕਿਲੋ ਲਾਹਣ ਬਰਾਮਦ, ਮੌਕੇ ‘ਤੇ ਕੀਤਾ ਨਸ਼ਟ
SHO ਇੰਸਪੈਕਟਰ ਅਮਰਜੀਤ ਨੇ ਦੱਸਿਆ ਕਿ ਸ਼ਿਕਾਏਕਰਤਾ ਦੇ ਬਿਆਨ ‘ਤੋਂ ਬਾਅਦ ਥਾਣਾ ਬੇਗੋਵਾਲ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਮੁਲਜ਼ਮ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ, ਤਜਿੰਦਰ ਸਿੰਘ ਪੁੱਤਰ ਬਚਨ ਸਿੰਘ ਅਤੇ ਤਲਵਿੰਦਰ ਸਿੰਘ ਉਰਫ਼ ਸਾਗਰ ਪੁੱਤਰ ਨਿਰਮਲ ਸਿੰਘ ਵਾਸੀ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਫੜੇ ਗਏ ਮੁਲਜ਼ਮਾਂ ਕੋਲੋਂ 2 ਚੋਰੀ ਦੇ ਬਾਈਕ ਅਤੇ 4 ਖੋਹੇ ਗਏ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। SHO ਅਮਰਜੀਤ ਕੌਰ ਨੇ ਇਹ ਵੀ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਗੁਰਦਾਸਪੁਰ ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਦੇ ਕੇਸ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: