ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ । ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ । ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਹਰਸ਼ਿਤਾ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ । ਪੰਜਾਬ ਪਹੁੰਚ ਕੇ ਇਹ ਦੋਂਵੇ ਧੂਰੀ ਵਿੱਚ ‘ਆਪ’ ਦੇ CM ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨਗੇ। ਸ਼ੁੱਕਰਵਾਰ ਨੂੰ ਧੂਰੀ ਵਿੱਚ ਭਗਵੰਤ ਮਾਨ ਵੱਲੋਂ ਇੱਕ ਜਨ ਸਭਾ ਰੱਖੀ ਗਈ ਹੈ।
ਭਗਵੰਤ ਮਾਨ 11 ਫਰਵਰੀ ਯਾਨੀ ਕਿ ਸ਼ੁੱਕਰਵਾਰ ਨੂੰ ਜਨ ਸਭਾ ਦੌਰਾਨ ਧੂਰੀ ਵਿੱਚ ਔਰਤਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਬੇਟੀ ਵੀ ਮਹਿਲਾ ਸੰਵਾਦ ਵਿੱਚ ਸ਼ਾਮਿਲ ਹੋਣਗੀਆਂ । ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦਾ CM ਚਿਹਰਾ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ। ਇਸ ਖੇਤਰ ਵਿੱਚ ਕੁੱਲ 1,64, 322 ਵੋਟਰ ਹਨ ਜੋ ਭਗਵੰਤ ਮਾਨ ਦੀ ਕਿਸਮਤ ਦਾ ਫੈਸਲਾ ਕਰਨਗੇ।
ਇਹ ਵੀ ਪੜ੍ਹੋ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਵੱਡਾ ਐਲਾਨ
ਦੱਸ ਦੇਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੋਣਾਂ ਲਈ ਪਹਿਲਾਂ 14 ਫਰਵਰੀ ਦਾ ਦਿਨ ਨਿਰਧਾਰਿਤ ਕੀਤਾ ਗਿਆ ਸੀ, ਪਰ ਸਿਆਸੀ ਪਾਰਟੀਆਂ ਵੱਲੋਂ ਬੇਨਤੀ ਕਰਨ ‘ਤੇ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਤਰੀਕ ਨੂੰ ਵਧਾ ਕੇ 20 ਫਰਵਰੀ ਕਰ ਦਿੱਤੀ ਗਈ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: