ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ । ਇਸ ਤੋਂ ਅੱਗੇ ਉਨ੍ਹਾਂ ਨੇ ਸੂਬੇ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ।
ਦੱਸ ਦੇਈਏ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਰਾਲੀ ਸਾੜਨ ਦੇ ਮਾਮਲੇ ਵਿੱਚ ਪੰਜਾਬ ਪਹਿਲੇ ਨੰਬਰ ‘ਤੇ ਹੈ। ਜਿਸ ਕਾਰਨ ਕੇਂਦਰ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ। ਇਸੇ ਵਿਚਾਲੇ ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲਿਖੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਮਸ਼ੀਨਾਂ ਨਾਲ ਕਰਨ, ਬਾਇਓ-ਡੀਕੰਪੋਜ਼ਰ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਤੇ ਬਾਇਓਮਾਸ-ਅਧਾਰਿਤ ਪਾਵਰ ਪਲਾਂਟਾਂ ’ਚ ਪਰਾਲੀ ਭੇਜੇ ਜਾਣ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਕਾਰਵਾਈਆਂ ਰਾਜ ਪੱਧਰ ’ਤੇ ਸੰਪੂਰਨ ਢੰਗ ਨਾਲ ਕੀਤੀਆਂ ਜਾਂਦੀਆਂ ਹਨ ਤਾਂ ਪਰਾਲੀ ਸਾੜਨ ਦੀ ਸਮੱਸਿਆ ’ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: