Kuwar vijay pratap resigned from SIT : ਇਸ ਵੇਲੇ ਇੱਕ ਵੱਡੀ ਖਬਰ ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਆ ਰਹੀ ਹੈ, ਜਿਸ ਵਿੱਚ ਮਾਮਲੇ ਦੀ ਜਾਂਚ ਕਰ ਰਹੀ SIT ਦੇ ਮੈਂਬਰ ਕੁਵਰ ਵਿਜੇ ਪ੍ਰਤਾਪ ਨੇ SIT ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕੇ SIT ਦੇ ਮੈਂਬਰ ਕੁਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਹੈ। ਦਰਅਸਲ ਕੁੱਝ ਦਿਨ ਪਹਿਲਾ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫ਼ੈਸਲਾ ਸੁਣਾਇਆ ਸੀ, ,ਅਦਾਲਤ ਨੇ ਕੁਵਰ ਵਿਜੇ ਪ੍ਰਤਾਪ ਵੱਲੋਂ ਜਾਰੀ ਜਾਂਚ ਰਿਪੋਰਟ ਨੂੰ ਖ਼ਾਰਜ ਕਰ ਦਿੱਤਾ ਸੀ। ਇੰਨਾਂ ਹੀ ਨਹੀਂ ਇਸ ਤੋਂ ਇਲਾਵਾ ਅਦਾਲਤ ਨੇ ਨਵੀਂ SIT ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਸੀ ਅਤੇ ਕਿਹਾ ਸੀ ਕੇ ਕੁਵਰ ਵਿਜੇ ਪ੍ਰਤਾਪ ਨੂੰ ਨਵੀ ਜਾਂਚ ਟੀਮ ਤੋਂ ਬਾਹਰ ਰੱਖਿਆ ਜਾਵੇ,ਅਦਾਲਤ ਨੇ ਇਹ ਫ਼ੈਸਲਾ ਪੁਲਿਸ ਮੁਲਾਜ਼ਮ ਗੁਰਦੀਪ ਸਿੰਘ ਪੰਧੇਰ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਸੁਣਾਇਆ ਸੀ।
ਕੁਵਰ ਵਿਜੇ ਪ੍ਰਤਾਪ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਤੀਜੇ ਦਿਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਸੀਆ ਅੱਤਿਆਚਾਰ ਵਾਲੇ ਦੋ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਸਨ। ਜਾਂਚ ਟੀਮ ਨੇ ਦਾਅਵਾ ਕੀਤਾ ਸੀ ਕਿ ਟੀਮ ਨੇ ਪੜਤਾਲ ਪੂਰੀ ਕਰ ਲਈ ਹੈ ਪਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਜਾਂਚ ਰਿਪੋਰਟ ਨੂੰ ਖ਼ਾਰਜ ਕਰ ਪੰਜਾਬ ਸਰਕਾਰ ਨੂੰ ਵੱਡਾ ਝੱਟਕਾ ਦਿੱਤਾ ਸੀ। ਹਾਲਾਂਕਿ ਕੁੱਝ ਮੀਡੀਆ ਰਿਪੋਰਟਸ ਵਿੱਚ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੁਵਰ ਵਿਜੇ ਪ੍ਰਤਾਪ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ।