ਗੁਰਦਾਸਪੁਰ ‘ਚ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਲੋਕਾਂ ਦਾ ਰੋ-ਰੋ ਬੁਰਾ ਹਾਲ ਸੀ। ਰਣਜੀਤ ਸਿੰਘ ਦੀ ਮਾਂ ਭੁੱਬਾਂ ਮਾਰ ਕੇ ਰੋਂਦੀ ਨਜਰ ਆਈ।
ਵੱਖ-ਵੱਖ ਕਿਸਾਨ ਜਥੇਬੰਦੀਆਂ ਵੀ ਸਸਕਾਰ ਵਿਚ ਸ਼ਾਮਲ ਹੋਈਆਂ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਇਸ ਮੌਕੇ ਰਣਜੀਤ ਸਿੰਘ ਦੇ ਸਸਕਾਰ ਤੋਂ ਬਾਅਦ ਪਰਿਵਾਰ ਦੇ ਵਕੀਲ ਨੇ ਕਿਹਾ ਕਿ ਹੁਣ ਕਾਨੂੰਨੀ ਲੜਾਈ ਪੂਰੀ ਤਾਕਤ ਨਾਲ ਲੜੀ ਜਾਵੇਗੀ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇਗਾ।

ਦੱਸ ਦੇਈਏ ਕਿ 21-22 ਫਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਥਾਣੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਇਸ ਮਾਮਲੇ ਵਿੱਚ ਪਿੰਡ ਆਦੀਆਂ ਦੇ ਇੱਕ ਨੌਜਵਾਨ ਰਣਜੀਤ ਸਿੰਘ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਕਾਰਨ ਰਣਜੀਤ ਸਿੰਘ ਪੁਲਿਸ ਵੱਲੋਂ ਇੱਕ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਪ੍ਰਾਈਵੇਟ ਸਕੂਲਾਂ ‘ਤੇ ਸਖਤੀ, ਹੁਣ ਜਨਤਕ ਕਰਨੀ ਪਊਗੀ ਕਿਤਾਬਾਂ ਤੇ ਵਰਦੀ ਦੀ ਲਿਸਟ!
ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਇਸ ਐਨਕਾਊਂਟਰ ਨੂੰ ‘ਗੈਰ-ਕਾਨੂੰਨੀ ਅਤੇ ਸੰਵਿਧਾਨ ਵਿਰੋਧੀ’ ਦੱਸਦਿਆਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ। ਇਸ ਮਾਮਲੇ ਦੀ ਜਾਂਚ ਸੀਬੀਆਈ (CBI) ਜਾਂ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠਲੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ (PGI) ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਕਰਵਾਇਆ ਜਾਵੇ ਤਾਂ ਜੋ ਨਿਰਪੱਖ ਰਿਪੋਰਟ ਸਾਹਮਣੇ ਆ ਸਕੇ। ਇਸ ਪਟੀਸ਼ਨ ਦੀ ਸੁਣਵਾਈ ਭਲਕੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























