ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਅੱਜ ਜਨਤਕ ਕਰ ਦਿੱਤਾ ਹੈ। ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਇਸ ਪੱਤਰ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਸਪੱਸ਼ਟੀਕਰਨ ਵਿਚ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਜਾਣੇ-ਅਣਜਾਣੇ ਵਿਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ।
ਇਸ ਵਿਚ ਸੁਖਬੀਰ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ। ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਹਿਬਾਨ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।

Letter submitted by Sukhbir Singh
ਕੁਝ ਦੁਖਦਾਈ ਘਟਨਾਵਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਸਨ। ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਉਸ ਵੇਲੇ ਦੇ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ 17 ਅਕਤੂਬਰ, 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਏ ਸਨ। ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ਵਿਚ ਸਿੰਘ ਸਾਹਿਬ ਨੂੰ ਪੇਸ਼ ਕੀਤਾ ਸੀ। ਇਸ ਮੌਕੇ ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।

Letter submitted by Sukhbir Singh
ਉਨ੍ਹਾਂ ਲਿਖਿਆ ਕਿ ਤਤਕਾਲੀ ਮੁੱਖ ਮੰਤਰੀ ਸਾਹਿਬ ਦੇ ਮਨ ਉਪਰ ਉਸ ਵੇਲੇ ਵਾਪਰ ਰਹੀਆਂ ਅਣਕਿਆਸੀਆਂ ਘਟਨਾਵਾਂ ਦਾ ਭਾਰੀ ਬੋਝ ਸੀ ਅਤੇ ਉਨ੍ਹਾਂ ਨੇ ਆਪਣੇ ਮਨ ਦੀ ਵੇਦਨਾ ਤਤਕਾਲੀ ਜਥੇਦਾਰ ਦੇ ਸਨਮੁੱਖ ਭਰੇ ਮਨ ਨਾਲ ਰੱਖੀ ਸੀ। ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖ਼ਤ ਹੈ। ਸਮਰੱਥ ਗੁਰੂ ਜਾਣੀ ਜਾਣ ਹੈ। ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਮੈਂ ਬਿਨਾਂ ਕਿਸੇ ਸਵਾਲ-ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ। ਜੋ ਵੀ ਸਾਡੇ ਖ਼ਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਲਈ ਗੁਰੂ ਦੇ ਮਹਾਨ ਤਖ਼ਤ ‘ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ।
ਸੁਖਬੀਰ ਨੇ ਅੱਗੇ ਲਿਖਿਆ ਕਿ ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚਤ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ-ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਪਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾਂ ਚੜ੍ਹਦੀਕਲਾ ਵਿੱਚ ਰੱਖੇ।
ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ 3 ਸਾਲਾਂ ਬਾਅਦ ਵਨਡੇ ‘ਚ ਭਾਰਤ ਨੂੰ ਹਰਾਇਆ, 32 ਦੌੜਾਂ ਨਾਲ ਜਿੱਤਿਆ ਮੈਚ
ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਬਾਗੀ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਸੀ, ਜਿਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਸੀ। ਜਿਸ ਉਪਰੰਤ ਬੀਤੀ 24 ਜੁਲਾਈ ਨੂੰ ਦੋਵਾਂ ਅਕਾਲੀ ਆਗੂਆਂ ਵਲੋਂ ਆਪਣੇ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: