ਅੰਮ੍ਰਿਤਸਰ ਵਿਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਧਾਰਮਿਕ ਸਥਾਨ, ਧਾਰਮਿਕ ਪ੍ਰੋਗਰਾਮ ਜਾਂ ਕਿਸੇ ਵੀ ਤਰ੍ਹਾਂ ਦੇ ਜਨਤਕ ਸਮਾਗਮ ਵਿੱਚ ਲਾਊਡਸਪੀਕਰ, ਸਾਊਂਡ ਸਿਸਟਮ ਜਾਂ ਡੀਜੇ ਦੀ ਵਰਤੋਂ ‘ਤੇ ਸਖ਼ਤ ਪਾਬੰਦੀ ਹੋਵੇਗੀ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਇਸ ਸਬੰਧੀ ਇੱਕ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਹੁਕਮ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਦਿੱਤੇ ਗਏ ਗਨ।
ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿ ਲੋਕਾਂ, ਬਜ਼ੁਰਗਾਂ, ਬੀਮਾਰਾਂ ਅਤੇ ਬੱਚਿਆਂ ਦੇ ਆਰਾਮ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਪਹੁੰਚੇ ਅਤੇ ਆਰਾਮ ਨਾਲ ਸੌਂ ਸਕਣ। ਪੁਲਿਸ ਨੇ ਕਿਹਾ ਕਿ ਇਸ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਧਾਰਮਿਕ ਸਮਾਗਮਾਂ, ਤਿਉਹਾਰਾਂ ਜਾਂ ਨਿੱਜੀ ਇਕੱਠਾਂ ਦੌਰਾਨ ਅਕਸਰ ਦੇਰ ਰਾਤ ਤੱਕ ਉੱਚੀ ਆਵਾਜ਼ ਵਾਲੇ ਸਾਊਂਡ ਸਿਸਟਮ ਵਜਾਏ ਜਾਂਦੇ ਹਨ, ਜਿਸ ਨਾਲ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਵਾਲੀ ਆਬਾਦੀ ਨੂੰ ਕਾਫੀ ਅਸੁਵਿਧਾ ਹੁੰਦੀ ਹੈ। ਇਸ ਲਈ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ, ਅੰਮ੍ਰਿਤਸਰ ਪੁਲਿਸ ਨੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਨੇ ਧਾਰਾ 163 ਬੀਐਨਐਸ ਦੇ ਤਹਿਤ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਇਜਾਜ਼ਤ ਦੇ ਲਾਊਡਸਪੀਕਰ ਜਾਂ ਸਾਊਂਡ ਸਿਸਟਮ ਦੀ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਸਾਊਂਡ ਸਿਸਟਮ ਨੂੰ ਜ਼ਬਤ ਕਰਨਾ ਅਤੇ ਕਾਨੂੰਨੀ ਕਾਰਵਾਈ ਸ਼ਾਮਲ ਹੈ।
ਇਹ ਹੁਕਮ 16 ਫਰਵਰੀ, 2026 ਤੱਕ ਲਾਗੂ ਰਹੇਗਾ ਅਤੇ ਪੂਰੇ ਅੰਮ੍ਰਿਤਸਰ ਸ਼ਹਿਰ ਅਤੇ ਪੇਂਡੂ ਕਮਿਸ਼ਨਰੇਟ ਖੇਤਰ ਵਿੱਚ ਲਾਗੂ ਹੋਵੇਗਾ। ਅੰਮ੍ਰਿਤਸਰ ਪੁਲਿਸ ਨੇ ਨਾਗਰਿਕਾਂ ਨੂੰ ਇਸ ਨਿਯਮ ਦੀ ਪਾਲਣਾ ਕਰਨ ਅਤੇ ਸ਼ਾਂਤੀਪੂਰਨ ਅਤੇ ਵਿਵਸਥਾਪੂਰਨ ਵਾਤਾਵਰਣ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਜਾਣੋਂ ਕਿਵੇ ਪੰਜਾਬੀ ਸਿਨੇਮਾ ਦਾ ਨੰਬਰ 1 Filmmaker ਬਣਿਆ ਅਮਰਜੀਤ ਸਿੰਘ ਸਾਰੋਂ
ਪੁਲਿਸ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਹ ਕਦਮ ਲੋਕਾਂ ਦੀ ਭਲਾਈ, ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਸਾਰੀਆਂ ਧਾਰਮਿਕ ਸੰਸਥਾਵਾਂ, ਪ੍ਰਬੰਧਕ ਕਮੇਟੀਆਂ ਅਤੇ ਆਮ ਜਨਤਾ ਨੂੰ ਇਸ ਹੁਕਮ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਤੈਅ ਸਮੇਂ ਤੋਂ ਬਾਅਦ ਕੋਈ ਵੀ ਸ਼ੋਰ ਮਚਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























