ਦੋ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪੰਜਾਬ ਸਰਕਾਰ ਦੇ ਰਾਜ ਵਿੱਚ ਅੱਜ ਵੀ ਪੰਜਾਬ ਦੇ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਭਟੋਆ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦਾ 21 ਸਾਲਾ ਨੌਜਵਾਨ ਨਸ਼ੇ ਦੀ ਓਵਰਡੋਜ਼ ਮੌਤ ਦੇ ਮੂੰਹ ਵਿੱਚ ਚਲਾ ਗਿਆ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਸ਼ਰੇਆਮ ਚਿੱਟੇ ਨਸ਼ਾ ਵਿੱਕ ਰਿਹਾ ਹੈ ਪਰ ਉਸ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਕੁਝ ਨਹੀਂ ਕੀਤਾ ਜਿਸ ਕਰਕੇ ਅੱਜ ਉਨ੍ਹਾਂ ਦੇ ਲੜਕੇ ਦੀ ਮੌਤ ਹੋਈ ਹੈ ਅਤੇ ਕਿਹਾ ਕਿ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ 21 ਸਾਲਾ ਪੁੱਤਰ ਸੌਰਵ ਪਿਛਲੇ ਤਿੰਨ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ ਇਕ ਸਾਲ ਤੋਂ ਉਸ ਨੇ ਇੰਜੈਕਸ਼ਨ ਦੇ ਨਾਲ ਚਿੱਟੇ ਦਾ ਸੇਵਨ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਸ ਨੇ ਕਈ ਵਾਰ ਨਸ਼ਾ ਛੱਡਣ ਦੇ ਲਈ ਨਸ਼ਾ ਮੁਕਤੀ ਸੈਂਟਰ ਦਾ ਰੁਖ ਵੀ ਕੀਤਾ ਸੀ ਪਰ ਪਿੰਡ ਵਿਚ ਨਸ਼ੇ ਦੀ ਵਿੱਕਰੀ ਸ਼ਰ੍ਹੇਆਮ ਹੋਣ ਕਰਕੇ ਉਹ ਨਸ਼ੇ ਨੂੰ ਛੱਡ ਨਹੀਂ ਪਾਇਆ ਜਿਸ ਕਰਕੇ ਅੱਜ ਉਸ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ 100 ਦੇ ਕਰੀਬ ਨੌਜਵਾਨ ਨਸ਼ੇ ਦੇ ਆਦੀ ਹਨ। ਪੁਲਿਸ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਵੀ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਸਰਕਾਰਾਂ ਉੱਪਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰਾਂ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਬੰਦ ਨਹੀਂ ਕੀਤਾ ਗਿਆ। ਨਸ਼ਾ ਉਸੇ ਤਰ੍ਹਾਂ ਹੀ ਸ਼ਰੇਆਮ ਵਿਕ ਰਿਹਾ ਹੈ ਅਤੇ ਉਨ੍ਹਾਂ ਦੇ ਪੁੱਤਰ ਦੀ ਹੋਈ ਮੌਤ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹੈ।