Central jail of Amritsar : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਪਿੱਛਲੇ 24 ਘੰਟਿਆਂ ਵਿੱਚ 2 ਲੱਖ 95 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਇੱਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦਾ ਰਿਕਾਰਡ ਹੈ। ਜੇ ਇਹੀ ਰਫਤਾਰ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਦਿਨ 5 ਲੱਖ ਮਾਮਲੇ ਸਾਹਮਣੇ ਆ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।
ਇਸ ਦੌਰਾਨ ਹੁਣ ਕੋਰੋਨਾ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਅੰਮ੍ਰਿਤਸਰ ਤੋਂ ਆ ਰਹੀ ਹੈ, ਜਿੱਥੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਕੋਰੋਨਾ ਬਲਾਸਟ ਹੋਇਆ ਹੈ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 30 ਕੈਦੀਆਂ ਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ। ਇੱਥੇ ਪਿੱਛਲੇ ਪੰਜ ਦਿਨਾਂ ਵਿੱਚ ਕੁੱਲ 152 ਕੈਦੀਆਂ ਅਤੇ ਸਟਾਫ ਮੈਂਬਰਾਂ ਦੇ ਟੈਸਟ ਲਏ ਗਏ ਹਨ। ਬੀਤੇ ਦਿਨ ਸਕਾਰਾਤਮਕ ਆਏ 342 ਮਾਮਲਿਆਂ ਵਿੱਚੋ 30 ਕੈਦੀ ਕੇਂਦਰੀ ਜੇਲ੍ਹ ਦੇ ਸਨ। ਉੱਥੇ ਹੀ ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 2 ਲੱਖ 95 ਹਜ਼ਾਰ 41 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 1,56,16,130 ਹੋ ਗਈ ਹੈ, ਜਿਨ੍ਹਾਂ ‘ਚੋਂ 182,553 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 21,57,538 ਹੈ ਅਤੇ ਹੁਣ ਤੱਕ 1,32,76,039 ਵਿਅਕਤੀ ਠੀਕ ਹੋ ਚੁੱਕੇ ਹਨ।