doctor oberoi send medical: ਅੰਮ੍ਰਿਤਸਰ, 7 ਮਈ – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਵੱਖ- ਵੱਖ ਸਰਕਾਰੀ ਮੈਡੀਕਲ ਕਾਲਜਾਂ, ਹਸਪਤਾਲਾਂ ਆਦਿ ਨੂੰ ਮੈਡੀਕਲ ਨਾਲ ਸਬੰਧਤ ਸਾਮਾਨ ਵੰਡਣ ਦੀ ਵਿੱਢੀ ਗਈ ਮੁਹਿੰਮ ਤੋਂ ਬਾਅਦ ਹੁਣ ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਸ਼ਰਨਾਰਥੀਆਂ ਲਈ ਅੱਜ ਮੈਡੀਕਲ ਨਾਲ ਸਬੰਧਤ ਸਾਮਾਨ ਅਫ਼ਗ਼ਾਨਿਸਤਾਨ ਅੰਬੈਸੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦਿੱਲੀ ਦੀ ਸਮਾਜ ਸੇਵਿਕਾ ਨਵਿਤਾ ਸ੍ਰੀਕਾਂਤ ਰਾਹੀਂ ਅਫ਼ਗਾਨਿਸਤਾਨ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਫ਼ੈਸਲਾ ਕੀਤਾ ਸੀ ਉਕਤ ਸਾਰੇ ਸ਼ਰਨਾਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਿੰਨ ਮਹੀਨੇ ਤੱਕ ਸੁੱਕਾ ਰਾਸ਼ਨ ਅਤੇ ਲੋੜੀਂਦਾ ਮੈਡੀਕਲ ਦਾ ਸਾਮਾਨ ਮੁਹਈਆ ਕਰਵਾਇਆ ਜਾਵੇਗਾ। ਜਿਸ ਤਹਿਤ ਅੰਬੈਸੀ ਵੱਲੋਂ ਕੀਤੀ ਮੰਗ ਅਨੁਸਾਰ ਅੱਜ ਮੈਡੀਕਲ ਨਾਲ ਸਬੰਧਤ ਲੋੜੀਂਦਾ ਸਾਮਾਨ ਜਿਸ ‘ਚ ਆਕਸੀਮੀਟਰ, ਇਨਫਰਾਰੈੱਡ ਥਰਮਾਮੀਟਰ, ਸਰਜੀਕਲ ਮਾਸਕ,ਐਨ-95 ਮਾਸਕ,ਪੀ.ਪੀ. ਕਿੱਟਾਂ, ਦਸਤਾਨੇ, ਆਟੋਮੈਟਿਕ ਸੈਨੇਟਾਈਜ਼ਰ ਡਿਸਪੈਂਸਰ ਅਤੇ ਵੱਖ-ਵੱਖ ਮਾਤਰਾ ਦਾ ਸੈਨੇਟਾਈਜ਼ਰ ਆਦਿ ਸ਼ਾਮਿਲ ਹੈ, ਉਹ ਦਿੱਲੀ ਸਥਿਤ ਅਫ਼ਗਾਨਿਸਤਾਨ ਅੰਬੈਸੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਡਾ.ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ, ਪੂਨਾ,ਹੈਦਰਾਬਾਦ ਅਤੇ ਕਲਕੱਤਾ ਆਦਿ ਸ਼ਹਿਰਾਂ ‘ਚ ਰਹਿ ਰਹੇ ਸਾਰੇ ਸ਼ਰਨਾਰਥੀਆਂ ਨੂੰ ਤਿੰਨ ਮਹੀਨੇ ਦਿੱਤੇ ਜਾਣ ਵਾਲੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੀ ਈਦ ਤੋਂ ਪਹਿਲਾਂ-ਪਹਿਲਾਂ ਪ੍ਰਭਾਵਿਤ ਸ਼ਰਨਾਰਥੀਆਂ ਕੋਲ ਪਹੁੰਚਾ ਦਿੱਤੀਆਂ ਜਾਣਗੀਆਂ।