farmers protest in front of dc office: ਕਿਸਾਨੀ ਸ਼ੰਘਰਸ਼ ਦੌਰਾਨ ਦਿੱਲੀ ਵਿਚ ਗੁਰਦਾਸਪੁਰ ਦੇ ਪਿੰਡ ਗਿੱਲਾਂ ਵਾਲੀ ਦੇ ਕਿਸਾਨ ਅਮਰੀਕ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਵਿਚ ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਸ ਮੌਤ ਦੀ ਜਿੰਮੇਵਾਰ ਕੇਂਦਰ ਦੀ ਭਾਜਪਾ ਸਰਕਾਰ ਹੈ। ਇਸ ਲਈ ਉਹਨਾਂ ਨੇ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦੀ ਮਾਲੀ ਸਹਾਇਤਾ ਕਰੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸਦਾ ਮੁਕੰਮਲ ਕਰਜ ਮਾਫ ਕੀਤਾ ਜਾਵੇ ਕਿਉਂਕਿ ਮ੍ਰਿਤਕ ਕਿਸਾਨ ਦਾ ਪਰਿਵਾਰ ਕਾਫੀ ਗਰੀਬ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਮੰਗ ਨਾਂ ਮੰਨੀ ਗਈ ਤਾਂ ਉਹ ਸ਼ੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਦਿੱਲੀ ‘ਚ ਕਿਸਾਨੀ ਅੰਦੋਲਨ ‘ਚ ਬੈਠੇ ਗੁਰਦਾਸਪੁਰ ਦੇ ਕਿਸਾਨ ਅਮਰੀਕ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਉਹਨਾਂ ਕਿਹਾ ਕਿ ਉਸਦੀ ਮੌਤ ਦੀ ਜਿੰਮੇਵਾਰ ਕੇਂਦਰ ਦੀ ਭਾਜਪਾ ਸਰਕਾਰ ਹੈ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਅਮਰੀਕ ਸਿੰਘ ਨੇ ਆਪਣੀ ਸ਼ਹਾਦਤ ਦਿੱਤੀ ਹੈ। ਇਸ ਲਈ ਉਹਨਾਂ ਨੇ ਡੀ ਸੀ ਦਫਤਰ ਗੁਰਦਾਸਪੁਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਪਰਿਵਾਰ ਲਈ ਕੇਂਦਰ ਸਰਕਾਰ ਕੋਲੋਂ 10 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਇਕ ਸਰਕਾਰੀ ਨੌਕਰੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸਰਕਾਰ ਕੋਲੋਂ ਮ੍ਰਿਤਕ ਅਮਰੀਕ ਸਿੰਘ ਦੀ ਮ੍ਰਿਤਕ ਦੇਹ ਉਸਦੇ ਪਿੰਡ ਲੈਕੇ ਆਉਣ ਦੀ ਮੰਗ ਰੱਖੀ ਤਾਂ ਜੋ ਉਸਦਾ ਸਸਕਾਰ ਪਿੰਡ ‘ਚ ਕੀਤਾ ਜਾਵੇ।