AAP favor farmers protest: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ ਬਾਕੀ ਵੱਖ ਵੱਖ ਸਿਆਸੀ ਪਾਰਟੀਆਂ ਹੁਣ ਕਿਸਾਨਾਂ ਦੇ ਸਮਰਥਨ ‘ਚ ਅੱਗੇ ਆ ਰਹੀਆਂ ਹਨ। ਇਸ ਦੇ ਮੱਦੇਨਜ਼ਰ ਅੱਜ ਜਗਰਾਓਂ ‘ਚ ਆਮ ਆਦਮੀ ਪਾਰਟੀ (ਆਪ) ਨੇ ਵੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ‘ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਰਾਣੀ ਝਾਂਸੀ ਚੌਕ ‘ਚ ਇੱਕਠੇ ਹੋਏ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿਥੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਮਾਰੂ ਨੀਤੀਆਂ ਵਾਪਿਸ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨ ਹੀ ਨਹੀਂ ਹਰ ਵਰਗ ਪ੍ਰਭਾਵਿਤ ਹੋਵੇਗਾ ਤੇ ਕਿਸਾਨ ਤਾਂ ਪੂਰੀ ਤਰਾਂ ਵੱਡੀਆਂ ਫਰਮਾਂ ਦੇ ਗੁਲਾਮ ਬਣ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰਾਂ ਇਸ ਮਾਮਲੇ ‘ਚ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀ ਇਸ ਲੜਾਈ ਨੂੰ ਉਹ ਜਰੂਰ ਜਿੱਤ ਕੇ ਰਹਿਣਗੇ।
ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਸ ਨੂੰ ਲੈ ਕੇ ਅੱਜ ਪੂਰੇ ਪੰਜਾਬ ‘ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਥਾਂ-ਥਾਂ ‘ਤੇ ਸਿਆਸੀ ਪਾਰਟੀਆਂ ਵਲੋਂ ਕਿਸਾਨਾਂ ਦਾ ਸਾਥ ਦੇਣ ਲਈ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕਲ੍ਹ ਭਾਵ ਕਿ 25 ਸਤੰਬਰ ਨੂੰ ਪੂਰਾ ਪੰਜਾਬ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।