Additional DC appeals to farmers: ਮਾਨਸਾ : ਕੋਵਿਡ-19 ਸਬੰਧੀ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਨ ਦੀ ਮੁਹਿੰਮ ਤਹਿਤ ਇਸ ਹਫ਼ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਫੇਸਬੁੱਕ ਦੇ ਸਿੱਧੇ ਪ੍ਰਸਾਰਣ ਰਾਹੀਂ ਲੋਕਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਕੇਸਾਂ ਨੂੰ ਠੱਲ੍ਹ ਪਈ ਹੈ ਪਰ ਫਿਰ ਵੀ ਸਾਨੂੰ ਜ਼ਰੂਰੀ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਇਜ਼ਰ ਨਾਲ ਸਾਫ਼ ਰੱਖਣ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰ ਕੇ ਅਸੀਂ ਖੁਦ ਨੂੰ ਤੰਦਰੁਸਤ ਰੱਖ ਸਕਦੇ ਹਾਂ ਅਤੇ ਇਸ ਬਿਮਾਰੀ ਤੋਂ ਬਚਾਅ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਵਾਇਰਲ ਬੁਖ਼ਾਰ ਹੁੰਦਾ ਹੈ ਤਾਂ ਉਹ ਉਸਨੂੰ ਹਲਕੇ ਵਿੱਚ ਨਾ ਲੈਣ ਅਤੇ ਆਪਣਾ ਮੈਡੀਕਲ ਚੈਕਅੱਪ ਜ਼ਰੂਰ ਕਰਵਾਉਣ ਕਿ ਕਿਤੇ ਇਹ ਕੋਰੋਨਾ ਵਾਇਰਸ ਨਾਲ ਸਬੰਧਤ ਬੁਖ਼ਾਰ ਤਾਂ ਨਹੀਂ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਾਡੀਆਂ ਸੈਂਪÇਲੰਗ ਟੀਮਾਂ ਤਾਇਨਾਤ ਹਨ, ਉਥੇ ਜਾ ਕੇ ਵੀ ਤੁਸੀ ਆਪਣਾ ਕੋਵਿਡ ਟੈਸਟ ਕਰਵਾ ਸਕਦੇ ਹੋ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਵੀ ਕੇਸ ਸਾਹਮਣੇ ਆ ਰਹੇ ਹਨ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜ਼ਿਲ੍ਹੇ ਅੰਦਰ ਫੋਗਿੰਗ ਅਤੇ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾ ਰਿਹਾ ਹੈ। ਊਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਗਮਲੇ, ਕੂਲਰ ਅਤੇ ਫਰਿੱਜ ਦੀਆਂ ਟਰੇਆਂ ਆਦਿ ਨੂੰ ਚੈਕ ਕਰਦੇ ਰਹਿਣ ਕਿ ਉਨ੍ਹਾਂ ਵਿੱਚ ਪਾਣੀ ਤਾਂ ਨਹੀਂ ਖੜ੍ਹ ਰਿਹਾ ਅਤੇ ਜੇਕਰ ਤੁਹਾਨੂੰ ਲੱਗਦਾ ਹੈ ਕਿ ਕਿਸੇ ਵਸਤੂ ਵਿੱਚ ਕਾਫ਼ੀ ਸਮੇਂ ਤੋਂ ਪਾਣੀ ਖੜ੍ਹਾ ਹੈ ਅਤੇ ਇਸ ਵਿੱਚ ਡੇਂਗੂ ਦਾ ਲਾਰਵਾ ਹੋ ਸਕਦਾ ਹੈ ਤਾਂ ਤੁਰੰਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਨਾਲ ਤਾਲਮੇਲ ਕਰੋ ਤਾਂ ਜੋ ਉਸਨੂੰ ਨਸ਼ਟ ਕਰਵਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਬਿਮਾਰੀਆਂ ਫੈਲਦੀਆਂ ਹਨ ਉਥੇ ਵਾਤਾਵਰਨ ਵੀ ਗੰਦਲਾ ਹੁੰਦਾ ਹੈ। ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਰਗੈਨਿਕ ਖੇਤੀ ਕਰਨ ਨੂੰ ਤਰਜ਼ੀਹ ਦੇਣ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੇ ਕੈਂਪ ਜਾਂ ਟੇ੍ਰਨਿੰਗ ਦੀ ਲੋੜ ਹੈ ਤਾਂ ਉਸ ਸਬੰਧੀ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਓਹਾਰਾਂ ਦਾ ਸੀਜ਼ਨ ਵੀ ਆ ਗਿਆ ਹੈ ਅਤੇ ਜੇਕਰ ਕਿਸੇ ਨੂੰ ਵੀ ਲੱਗਦਾ ਹੈ ਕਿ ਕਿਸੇ ਦੁਕਾਨ ’ਤੇ ਨਕਲੀ ਮਿਠਾਈ ਵੇਚੀ ਜਾ ਰਹੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਪ੍ਰਸ਼ਾਸਨ ਦੇ ਅੱਖ ਤੇ ਕੰਨ ਹਨ ਇਸ ਲਈ ਤੁਹਾਡੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।