akalidal leader anti farmer acts: ਲੁਧਿਆਣਾ (ਤਰਸੇਮ ਭਾਰਦਵਾਜ)-ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਖੇਤੀ ਆਰਡੀਨੈਂਸ ਕਿਸਾਨਾਂ ਅਤੇ ਦੇਸ਼ ਦੇ ਲਈ ਘਾਤਕ ਸਾਬਿਤ ਹੋਵੇਗਾ। ਪਾਰਟੀ ਨੇਤਾਵਾਂ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਗਰੇਵਾਲ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਖੜਾ ਹੋਇਆ ਹੈ। ਪਾਰਟੀ ਆਰਡੀਨੈਂਸ ਦਾ ਵਿਰੋਧ ਕਰਨ ਲਈ ਕਿਸਾਨਾਂ ਦੇ ਪੱਖ ‘ਚ 25 ਸਤੰਬਰ ਨੂੰ ਬੈਠਕ ਕਰੇਗਾ। ਗਰੇਵਾਲ ਨੇ ਇਹ ਵੀ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਚੱਕਾ ਜਾਮ ਕਰਕੇ ਪੂਰੀ ਤਿਆਰੀ ਕਰ ਰੱਖੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਲਈ ਲੜਨ ਲਈ ਤਿਆਰ ਬਰ ਤਿਆਰ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਮੁੱਦਿਆਂ ਦਾ ਰਾਜਨੀਤਿਕਰਣ ਨਹੀਂ ਕਰ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸੰਸਦ ‘ਚ ਬਿੱਲ ਦਾ ਵਿਰੋਧ ਕੀਤਾ ਅਤੇ ਬਾਅਦ ‘ਚ ਰਾਸ਼ਟਰਪਤੀ ਨੂੰ ਬਿੱਲ ‘ਤੇ ਮੋਹਰ ਨਾ ਲਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਕੇਂਦਰ ‘ਚ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਵਿਰੋਧ ‘ਚ ਅਸਤੀਫਾ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ। ਇਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਸਦ ‘ਚ ਆਰਡੀਨੈਂਸ ਦਾ ਸਖਤ ਵਿਰੋਧ ਕੀਤਾ ਹੈ। ਹੁਣ ਇਹ ਲੜਾਈ ਸੜਕਾਂ ‘ਤੇ ਲੜੀ ਜਾਵੇਗੀ।