attack youth intent loot: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਇੱਥੇ ਇਕ ਨੌਜਵਾਨ ਆਪਣੇ ਮੋਟਰ ਸਾਈਕਲ ‘ਤੇ ਜਾ ਰਿਹਾ ਸੀ ਤਾਂ ਰਸਤੇ ‘ਚ ਲੁਟੇਰਿਆਂ ਨੇ ਰੋਕ ਲਿਆ ਅਤੇ ਪੈਸੇ ਮੰਗਣ ਲੱਗੇ। ਜਦੋਂ ਨੌਜਵਾਨ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ। ਪੀੜਤ ਨੇ ਇਸ ਮਾਮਲੇ ਦੀ ਜਾਣਕਾਰੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿੱਤੀ। ਪੀੜਤ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਤਾਜਪੁਰ ਬੇਟ ਦੇ ਨਾਂ ਨਾਲ ਹੋਈ ਹੈ, ਜਿਸਦੀ ਸ਼ਿਕਾਇਤ ਦੇ ਆਧਾਰ ‘ਤੇ 12 ਜਣਿਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਰਾਤ ਅੱਠ ਵਜੇ ਦੇ ਕਰੀਬ ਉਹ ਮੋਟਰਸਾਈਕਲ ’ਤੇ ਤਾਜਪੁਰ ਰੋਡ ਸਥਿਤ ਮੁਹੱਲਾ ਗੁਰੂ ਨਾਨਕ ਨਗਰ ‘ਚ ਕਿਸੇ ਨਿੱਜੀ ਕੰਮ ਲਈ ਜਾ ਰਿਹਾ ਸੀ ਤਾਂ ਉਸ ਨੂੰ ਕੁੱਝ ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਇੱਕ ਨੌਜਵਾਨ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਦੇ ਸਿਰ ਉੱਪਰ ਵਾਰ ਕੀਤਾ, ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਸ ਦੌਰਾਨ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੇ ਕੇਸ ਦਰਜ ਕਰਕੇ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।