Balbir Rajewal on farmers protest in foreign parliaments: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ 100 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨ ਆਗੂਆਂ ਵੱਲੋਂ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਸਰਹਿੰਦ ਦੀ ਅਨਾਜ ਮੰਡੀ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਗਈ। ਇਸ ਮਹਾਪੰਚਾਇਤ ਵਿੱਚ ਹਜ਼ਾਰਾਂ ਕਿਸਾਨ ਅਤੇ ਮਜ਼ਦੂਰ ਸ਼ਾਮਿਲ ਹੋਏ ਸਨ । ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਚਡ਼ੂਨੀ, ਡਾ. ਦਰਸ਼ਨਪਾਲ ਸਿੰਘ, ਯੋਗਰਾਜ ਸਿੰਘ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੁਣ ਸ਼ਿਖਰਾਂ ‘ਤੇ ਪਹੁੰਚ ਗਿਆ ਹੈ, ਜਿਸ ਕਾਰਨ ਪੂਰੇ ਦੇਸ਼ ਵਿੱਚ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ ਤੇ ਆਮ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਅੰਦੋਲਨ ਨਾਲ ਕੇਂਦਰ ਸਰਕਾਰ ਸਣੇ ਉਦਯੋਗਪਤੀਆਂ ਦੀ ਵੀ ਨੀਂਦ ਉੱਡ ਗਈ ਹੈ। ਇਹ ਕੋਈ ਛੋਟੀ ਗੱਲ ਨਹੀਂ ਕਿ ਕਿਸਾਨ ਅੰਦੋਲਨ ਦੀ ਚਰਚਾ ਦੇਸ਼ ਦੀਆਂ ਪਾਰਲੀਮੈਂਟਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਪਾਰਲੀਮੈਂਟਾਂ ਵਿੱਚ ਵੀ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਸੋਨੇ ਦੀ ਚਿੜ੍ਹੀ ਹੈ, ਜਿਸ ਨੂੰ ਲੀਡਰ ਹੀ ਖਾ ਗਏ ਹਨ। ਜਿਸ ਕਾਰਨ ਪੰਜਾਬ ਦੀ ਹਾਲਤ ਤਰਸਯੋਗ ਬਣ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਇਸ ਸਮੇਂ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ ਤੇ ਤੁਸੀ ਉੱਥੇ ਆਪਣੀ ਹਾਜ਼ਰੀ ਲਵਾਉਂਦੇ ਰਹੋ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮੋਦੀ ਸਰਕਾਰ ਤੋਂ ਅੱਕੇ ਹੋਏ ਹਨ, ਜਿਸ ਕਾਰਨ ਲੋਕ ਇਸਨੂੰ ਭਜਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਕੇਂਦਰ ਖਿਲਾਫ਼ ਜੰਗ ਜਾਰੀ ਰੱਖਣ ਦੀ ਅਪੀਲ ਕੀਤੀ ।
ਇਸ ਤੋਂ ਇਲਾਵਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੇ ਅੰਗਰੇਜ਼ਾਂ ਤੋਂ ਦੇਸ਼ ਨੂੰ ਬਚਾਉਣ ਲਈ ਕੁਰਬਾਨੀਆਂ ਦਿੱਤੀਆਂ ਹਨ, ਪਰ ਮੌਜੂਦਾ ਸਮੇਂ ਵਿੱਚ ਸਾਡੇ ਹੀ ਦੇਸ਼ ਦੇ ਆਗੂ ਦੇਸ਼ ਨੂੰ ਤਬਾਹ ਕਰਨ ‘ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹਾਲੇ ਵੀ ਨਾ ਜਾਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ।