bku ros march: ਬੀਤੇ ਕੱਲ੍ਹ ਪਿੰਡ ਜਿਊਂਦ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਦਰਜਨ ਵਿਅਕਤੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਦਾਖਲ ਕਰਵਾਇਆ ਗਿਆ ਸੀ।
ਪੁਲਿਸ ਵਲੋਂ ਪਿੰਡ ਜਿਊਂਦ ਦੇ ਸੁਰਜੀਤ ਸਿੰਘ ਉਰਫ ਭੋਲਾ ਪੁੱਤਰ ਰਾਮ ਸਿੰਘ, ਚਮਕੌਰ ਸਿੰਘ ਪੁੱਤਰ ਸੁਰਜੀਤ ਸਿੰਘ, ਗੁਰਮੇਲ ਸਿੰਘ ਪੁੱਤਰ ਕਰਤਾਰ ਸਿੰਘ, ਜਰਨੈਲ ਸਿੰਘ ਪੁੱਤਰ ਕਰਮ ਸਿੰਘ, ਰਾਜਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਸੁਦਾਗਰ ਸਿੰਘ ਪੁੱਤਰ ਸੁਰਜੀਤ ਸਿੰਘ, ਰੇਸ਼ਮ ਸਿੰਘ ਪੁੱਤਰ ਸੁਖਪਾਲ ਸਿੰਘ, ਜਗਮੋਹਣ ਸਿੰਘ ਪੁੱਤਰ ਅਮਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ, ਸੁਖਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀਅਨ ਜਿਊਂਦ ਤੋ ਇਲਾਵਾ 20-25 ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਬੀਕੇਯੂ ਉਗਰਾਹਾਂ ਤੇ ਪਿੰਡ ਵਾਸੀਆਂ ਨੇ ਥਾਣਾ ਸਦਰ ਵਿਖੇ ਪੁਲਿਸ ਨੂੰ 10 ਦਿਨਾਂ ਦਾ ਅਲਟੀਮੇਟਮ ਦੇ ਕੇ ਦੋਸ਼ੀਆਂ ਨੂੰ ਜਲਦੀ ਤੋ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਬੀਕੇਯੂ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਦੋਸ਼ੀਆਂ ਨੂੰ 10 ਦਿਨਾਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਬੀਕੇਯੂ ਉਗਰਾਹਾਂ ਤੇ ਪਿੰਡ ਵਾਸੀਆਂ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਅੰਦਰ ਰੋਸ ਮਾਰਚ ਕੀਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਪਿੰਡ ਜਿਊਂਦ ਦਾ ਇਹ ਵਿਵਾਦ ਪਿਛਲੇ ਲੰਬੇ ਸਮੇਂ ਤੋ ਚੱਲਦਾ ਆ ਰਿਹਾ ਹੈ। ਜਿਸ ਨੂੰ ਲੈ ਕੇ ਦੋਵੇਂ ਗੁੱਟਾ ਵਿਚਕਾਰ ਪਹਿਲਾਂ ਦੀ ਲੜਾਈ ਹੋ ਚੁੱਕੀ ਹੈ। ਬੀਕੇਯੂ ਉਗਰਾਹਾਂ ਦੇ ਸਰਗਰਮ ਆਗੂ ਮਾਸਟਰ ਸੁਖਦੇਵ ਸਿੰਘ ਜਵੰਧਾ ਦਾ ਕਹਿਣਾ ਹੈ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਵੱਡੀ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ।