Congress workers protest Agriculture Ordinance: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਸਿਆਸਤ ਦਿਨੋ ਦਿਨ ਗਰਮਾਉਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਈ ਰਾਜਨੀਤਿਕ ਪਾਰਟੀਆਂ ਵੱਲ਼ੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਹੁਣ ਕਿਸਾਨਾਂ ਦੀ ਹਮਦਰਦੀ ਬਟੋਰਨ ਲਈ ਸਿਆਸੀ ਪਾਰਟੀਆਂ ਵੱਲੋਂ ਖੇਤੀਬਾੜੀ ਬਿੱਲ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਸਮਰਥਨ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਖੇਤੀ ਨਾਲ ਸਬੰਧਿਤ ਲੋਕ ਸਭਾ ‘ਚ 3 ਬਿੱਲ ਪਾਸ ਹੋਣ ਤੋਂ ਬਾਅਦ ਐਤਵਾਰ ਨੂੰ ਰਾਜ ਸਭਾ ‘ਚ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ। ਇਸ ਦੌਰਾਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਹ ਖੇਤੀ ਬਿੱਲ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸੀ ਧਰਨਾਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੇ ਹਨ ਅਤੇ ਇਹ ਬਿੱਲ ਰੱਦ ਕਰਵਾਉਣ ਲਈ ਹਰ ਤਰ੍ਹਾਂ ਦੀ ਲੜਾਈ ਲੜੇਗੀ।