Corona Victims Treatment Health Minister: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਘਾਤਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਕੋਰੋਨਾ ਨਾਲ ਨਜਿੱਠਣ ਲਈ ਹੁਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਮੁਤਾਬਕ ਜੇਕਰ ਕੋਈ ਕੋਰੋਨਾ ਪੀੜਤ ਵਿਅਕਤੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾ ਰਿਹਾ ਹੈ ਅਤੇ ਉਸ ਨੂੰ ਇਲਾਜ ਲਈ ਕਿਸੇ ਕਾਰਨ ਨਿੱਜੀ ਹਸਪਤਾਲ ਰੈਫ਼ਰ ਕਰਨਾ ਪੈਂਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਦੱਸ ਦੇਈਏ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਹ ਐਲਾਨ ਉਦੋਂ ਕੀਤਾ ਗਿਆ ਜਦੋਂ ਦੋਰਾਹਾ ਵਿਖੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ‘ਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ। ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਇਹ ਹੈਲਥ ਸੈਂਟਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।
ਇਸ ਮੌਕੇ ਉਨ੍ਹਾਂ ਵੱਲੋਂ ਮਹਿੰਗਾ ਇਲਾਜ ਕੀਤੇ ਜਾਣ ‘ਤੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਐਂਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਹੜੇ ਚਾਰਜ ਵਧਾਏ ਗਏ ਹਨ, ਉਹ ਇੱਕ ਵਿਸ਼ੇਸ਼ ਫੰਡ ਲਈ ਇਸਤੇਮਾਲ ਕੀਤੇ ਜਾਣਗੇ ਅਤੇ ਜਿਹੜੀਆਂ ਦਵਾਈਆਂ ਹਸਪਤਾਲ ‘ਚ ਮੌਜੂਦ ਨਹੀਂ ਹਨ, ਇਸ ਫੰਡ ਨੂੰ ਇਹ ਦਵਾਈਆਂ ਮੰਗਵਾਉਣ ਲਈ ਖਰਚਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਜੱਚਾ-ਬੱਚਾ ਕੇਂਦਰਾਂ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾਈ ਮਾਈ ਦੌਲਤਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।