coworker murdered friends arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਰਾਜਬੀਰ ਸਿੰਘ, ਪ੍ਰਭਜੋਤ ਸਿੰਘ, ਸਰਨਪ੍ਰੀਤ ਸਿੰਘ ਅਤੇ ਜਸਮੀਤ ਸਿੰਘ ਵਜੋਂ ਹੋਈ ਹੈ, ਇਸ ਮਾਮਲੇ ਸਬੰਧੀ ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਇਹ ਮਾਮਲਾ ਬੀਤੀ 23 ਜੂਨ ਦਾ ਹੈ, ਜਦੋਂ ਸਤਿਕਾਰ ਪੇਪਰ ਮਿੱਲ ਹੰਬੜਾਂ ਰੋਡ ਵਿਖੇ ਕੰਮ ਕਰਨ ਵਾਲੇ ਵਰਕਰ ਵਕੀਲ ਅਹਿਮਦ ਅਤੇ ਅਰਜੁਨ ਪਾਲ ਦੀ ਬੁਰੀ ਤਰ੍ਹਾਂ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਗਈ। ਇਸ ਮਾਮਲੇ ਦੀ ਤਫਤੀਸ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਲਵਪ੍ਰੀਤ ਸਿੰਘ ਜਿਸ ਫੈਕਟਰੀ ‘ਚ ਕੰਮ ਕਰਦਾ ਹੈ, ਉਸ ਦੀ ਵਕੀਲ ਦੇ ਨਾਲ ਕਿਸੇ ਗੱਲੋਂ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨੂੰ ਸੱਦ ਕੇ ਵਕੀਲ ਅਹਿਮਦ ਅਤੇ ਹਰਜੋਤਪਾਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜ਼ਖਮੀ ਹਾਲਤ ‘ਚ ਵਕੀਲ ਅਹਿਮਦ ਨੂੰ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਦੁਰਾਨੇ ਇਲਾਜ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਅੱਠਵੇਂ ਦੋਸ਼ੀ ਰਾਹੁਲ ਕੁਮਾਰ ਯਾਦਵ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋ ਕਤਲ ‘ਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਗਏ ਹਨ।