dc people facebook live: ਲੁਧਿਆਣਾ (ਤਰਸੇਮ ਭਾਰਦਵਾਜ)- ਬੀਤੇ ਦਿਨ ਭਾਵ ਬੁੱਧਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਲੋਕ ਸੰਪਰਕ ਦਫ਼ਤਰ ਦੇ ਅਧਿਕਾਰਤ ਪੰਨੇ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਸ਼ਹਿਰਵਾਸੀਆਂ ਨਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਲੋਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ,ਨਾਲ ਹੀ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਨੇੜਲੇ ਕੋਰੋਨਾ ਟੈਸਟਿੰਗ ਸੈਂਟਰ ‘ਤੇ ਜਾ ਕੇ ਆਪਣਾ ਟੈਸਟ ਜ਼ਰੂਰ ਕਰਵਾਉਣ, ਜੋ ਕਿ ਸੈਂਟਰਾਂ ‘ਤੇ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਹੋਣ ਦੀ ਸੂਰਤ ‘ਚ ਕਈ ਵਾਰ ਆਕਸੀਜਨ ਦਾ ਪੱਧਰ ਕਾਫੀ ਘੱਟ ਜਾਂਦਾ ਹੈ, ਜਿਸ ਕਾਰਨ ਕਈ ਵਾਰ ਮੰਦਭਾਗੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਵੱਲੋਂ ਓਡ-ਈਵਨ ਫਾਰਮੂਲੇ ਸਬੰਧੀ ਸਪੱਸ਼ਟ ਕੀਤਾ ਗਿਆ ਕਿ ਸਤੰਬਰ ਮਹੀਨੇ ਦੇ 4 ਹਫਤੇ ਕੋਰੋਨਾ ਮਹਾਮਾਰੀ ਦੇ ਪੀਕ ਦੌਰ ‘ਤੇ ਜਾਣ ਦੀ ਸੰਭਾਵਨਾ ਹੈ, ਜਿਸ ਲਈ ਇਹ ਫਾਰਮੂਲਾ ਲਾਗੂ ਕੀਤਾ ਗਿਆ ਹੈ, ਤਾਂ ਜੋ ਬਾਜ਼ਾਰਾਂ ‘ਚ ਭੀੜ ਇਕੱਠੀ ਨਾ ਹੋ ਸਕੇ ਤੇ ਕੋਰੋਨਾ ਮਹਾਮਾਰੀ ਨਾਲ ਨਜਿੱਠਿਆ ਜਾ ਸਕੇ। ਇਸ ਦੇ ਨਾਲ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਬੇਬੁਨਿਆਦ ਅਤੇ ਝੂਠੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ।
ਉਨ੍ਹਾਂ ਨੇ ਕਿਹਾ ਕਿ ਡੀ.ਸੀ ਵੱਲ਼ੋਂ ਸ਼ਾਮ 7 ਵਜੇ ਦੇ ਲਾਕਡਾਊਨ ਲਾਉਣ ਸਬੰਧੀ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਂਦਾ ਹੈ ਕਿ ਕਾਫੀ ਲੋਕਾਂ ਵੱਲੋਂ ਆਪਣੇ ਕੰਮ-ਕਾਜ ਤੋਂ ਵਿਹਲੇ ਹੋ ਕੇ ਸ਼ਾਮ ਸਮੇਂ ਪਾਰਟੀਆਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੀ ਲਾਗ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਜੋ ਕਿ ਸਾਡੇ ਸਭਨਾਂ ਦੇ ਹਿੱਤ ‘ਚ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।