DC visit Khanna grain market: ਲੁਧਿਆਣਾ (ਤਰਸੇਮ ਭਾਰਦਵਾਜ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ‘ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ, ਕਮਿਸ਼ਨ ਏਜੰਟਾਂ (ਆੜ੍ਹਤੀਆ) ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਖਰੀਦ ਨਾਲ ਜੁੜੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤਾ ਗਿਆ। ਮੀਟਿੰਗ ਦੌਰਾਨ ਆੜ੍ਹਤੀਆਂ ਵੱਲੋਂ ਚੁੱਕੇ ਮੁੱਦਿਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ/ਸ਼ਿਕਾਇਤਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਫਤਰ ਮਾਰਕੀਟ ਕਮੇਟੀ ਵਿਖੇ ਆੜ੍ਹਤੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਕੰਮ ਕਰਨਾ ਇੱਕ ਵੱਡੀ ਚੁਣੌਤੀ ਸੀ ਪਰ ਸਾਰੀਆਂ ਮੰਡੀਆਂ ਵਿੱਚ ਪੂਰੀਆਂ ਸਾਵਧਾਨੀਆਂ ਵਰਤ ਕੇ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ‘ਚ ਹੈਂਡਵਾਸ਼ ਸਟੇਸ਼ਨ, ਆਪਸੀ ਵਿੱਥ ਲਈ ਖੁੱਲੀ ਜਗ੍ਹਾ ਅਤੇ ਰੋਗਾਣੂ ਮੁਕਤ ਕਰਨ ਆਦਿ ਦਾ ਪੂਰਾ ਪ੍ਰਬੰਧ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਚੱਲ ਰਹੀ ਝੋਨੇ ਦੀ ਖਰੀਦ ‘ਤੇ ਤਸੱਲੀ ਵੀ ਜ਼ਾਹਰ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਵੱਲੋਂ ਤੈਅ ਨਮੀ ਦੀ ਮਾਤਰਾ ਅਨੁਸਾਰ ਝੋਨ ਲਿਆਉਣ।