factory worker death family ruckus-ਲੁਧਿਆਣਾ(ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਇੱਥੇ ਸਥਾਨਕ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ ‘ਚ ਹਾਦਸਾ ਵਾਪਰਨ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਫੈਕਟਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਤੇ ਕਾਫੀ ਮਸ਼ੱਕਤ ਤੋਂ ਬਾਅਦ ਦੋਵਾਂ ਪੱਖਾਂ ‘ਚ ਸਮਝੌਤਾ ਕਰਵਾਇਆ।
ਮ੍ਰਿਤਕ ਨੌਜਵਾਨ ਦੀ ਸ਼ਨਾਖਤ ਸ਼ਿਵ ਕੁਮਾਰ ਵਜੋਂ ਕੀਤੀ ਗਈ ਹੈ, ਜੋ ਕਿ ਦੁਰਗਾਪੁਰੀ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ 40 ਸਾਲ ਦੇ ਕਰੀਬ ਸੀ। ਮ੍ਰਿਤਕ ਮਜ਼ਦੂਰ ਫੋਕਲ ਪੁਆਇੰਟ ਸਥਿਤ ਹਾਈਵੇ ਇੰਡਸਟਰੀ ‘ਚ ਪਿਛਲੇ ਕੁੱਝ ਸਾਲਾ ਤੋਂ ਕੰਮ ਕਰ ਰਿਹਾ ਸੀ। ਇਸ ਦੌਰਾਨ ਬੀਤੇ ਦਿਨ ਭਾਵ ਸੋਮਵਾਰ ਦੀ ਰਾਤ ਨੂੰ ਕੰਮ ਕਰ ਰਿਹਾ ਸੀ ਕਿ ਅਚਾਨਕ ਮਸ਼ੀਨ ‘ਚ ਆਉਣ ਕਾਰਨ ਉਹ ਜ਼ਖਮੀ ਹੋ ਗਿਆ। ਉਸ ਦੇ ਸਾਥੀ ਨੇ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਇਲਾਜ ਦੌਰਾਨ ਮਜ਼ਦੂਰ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਤਨੀ ਸੁਨੀਤਾ ਦੇਵੀ ਨੇ ਦੱਸਿਆ ਕਿ ਉਸ ਦੇ ਦੋ ਬੱਚੇ ਹਨ ਅਤੇ ਸ਼ਿਵ ਕੁਮਾਰ ਦੀ ਤਨਖ਼ਾਹ ‘ਤੇ ਹੀ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ । ਸਾਥੀ ਦੀ ਮੌਤ ਤੋਂ ਦੁਖੀ ਹੋਏ ਵਰਕਰਾਂ ਵਲੋਂ ਕੰਮਕਾਜ ਬੰਦ ਕਰ ਦਿੱਤਾ ਗਿਆ ਤੇ ਉੱਥੇ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਹੈ ਕਿ ਪ੍ਰਬੰਧਕ ਉਸ ਨੂੰ ਹਸਪਤਾਲ ਲਿਜਾਉਣ ਦੀ ਥਾਂ ਨੇੜਲੀ ਡਿਸਪੈਂਸਰੀ ‘ਚ ਲੈ ਗਏ। ਉਨ੍ਹਾਂ ਦੱਸਿਆ ਕਿ ਜੇਕਰ ਸ਼ਿਵ ਨੂੰ ਸਮੇਂ ਸਿਰ ਡਾਕਟਰੀ ਇਲਾਜ ਮਿਲ ਜਾਂਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਪ੍ਰਦਰਸ਼ਨਕਾਰੀ ਸ਼ਿਵ ਦੇ ਵਾਰਸਾਂ ਨੂੰ ਨੌਕਰੀ ਅਤੇ ਉਸ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਸੂਚਨਾ ਮਿਲਦਿਆਂ ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਮੁਹੰਮਦ ਜਮੀਲ ਭਾਰੀ ਪੁਲਿਸ ਫੋਰਸ ਲੈ ਕੇ ਉਥੇ ਪਹੁੰਚੇ। ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ।