farmers laborers Raikot agriculture laws: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸ. ਹਰੀ ਸਿੰਘ ਨਲੂਆ ਚੌਕ ‘ਚ ਤਹਿਸੀਲ ਦੀਆਂ ਸਮੂਹ ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਰੀ ਇੱਕਠ ਕੀਤਾ ਗਿਆ, ਜਿੱਥੇ 4 ਘੰਟੇ ਤੱਕ ਲੁਧਿਆਣਾ-ਬਠਿੰਡਾ-ਮਲੇਰਕੋਟਲਾ ਰੋਡ ‘ਤੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਇਸ ਦੌਰਾਨ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ), ਦਰਜਾ ਚਾਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਬਿਜਲੀ ਪੈਨਸ਼ਨਰ ਐਸੋਸੀਏਸ਼ਨ, ਪੀ.ਐੱਸ ਇੰਪਲਾਈਜ਼ ਫੈੱਡਰੇਸ਼ਨ, ਏਕਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਵੱਡੀ ਗਿਣਤੀ ‘ਚ ਆਗੂਆਂ ਤੇ ਮੈਬਰਾਂ ਨੇ ਸਮੂਲੀਅਤ ਕੀਤੀ ਅਤੇ ਚੱਕਾ ਜਾਮ ਸਬੰਧੀ ਵਿਚਾਰਾਂ ਕੀਤੀਆਂ।
ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਚੱਕਾ ਜਾਮ ਦੌਰਾਨ ਸੰਬੋਧਨ ਕਰਦਿਆਂ ਕਾਮਰੇਡ ਤਰਲੋਚਨ ਸਿੰਘ ਝੋਰੜਾਂ, ਬਲਜੀਤ ਸਿੰਘ ਗਰੇਵਾਲ, ਰਘਬੀਰ ਸਿੰਘ ਬੈਨੀਪਾਲ, ਚਰਨ ਸਿੰਘ ਸਰਾਭਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖੇਤੀ ਜਿਣਸਾਂ ਦੇ ਭਾਅ ਦੇਣ ਦੀ ਬਜਾਏ ਨਵੇਂ ਕਾਲੇ ਖੇਤੀ ਕਾਨੂੰਨ ਲਿਆ ਕੇ ਘੱਟੋ-ਘੱਟ ਸਮਰਥਨ ਮੁੱਲ ਖੋਹਣ ਦੀ ਵਿਵਸਥਾ ਕੀਤੀ ਹੈ।
ਉਥੇ ਹੀ ਕਿਸਾਨਾਂ ਦੀਆਂ ਜਿਣਸਾਂ ਨੂੰ ਪ੍ਰਾਈਵੇਟ ਕਾਰਪੋਰੇਟ ਕੋਲ ਵੇਚਣਾ ਚਾਹੁੰਦੀ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਵਪਾਰੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਇਸ ਨੂੰ ਕਿਸਾਨ ਅਤੇ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।