Farmers Of Nurpurbedi: ਸਤਲੁਜ ਪ੍ਰੈੱਸ ਕਲੱਬ ਵੱਲੋਂ ਸ਼ਨੀਵਾਰ ਨੂੰ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਵੱਲੋਂ ਹੱਥ ਵਿੱਚ ਕਿਸਾਨ ਅੰਦੋਲਨ ਦਾ ਝੰਡਾ ਫੜ੍ਹ ਕੇ ਖੂਨਦਾਨ ਕੀਤਾ ਅਤੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ । ਇਸ ਦੇ ਨਾਲ ਹੀ ਨੂਰਪੁਰਬੇਦੀ ਖੇਤਰ ਦੇ ਕਿਸਾਨਾਂ ਨੇ ਆਪਣੇ ਖੂਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ।
ਕਿਸਾਨਾਂ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਕਿਸਾਨਾਂ ਦਾ ਖੂਨ ਚਾਹੁੰਦੇ ਹਨ ਤਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੇ ਸਰੀਰ ਦੀ ਇੱਕ-ਇੱਕ ਬੂੰਦ ਖੂਨਦਾਨ ਕਰ ਦੇਣਗੇ, ਪਰ ਇਸਦੇ ਬਦਲੇ ਕਿਸਾਨਾਂ ਖ਼ਿਲਾਫ਼ ਬਣੇ ਗਏ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ । ਕਿਸਾਨਾਂ ਨੇ ਅੱਗੇ ਦੱਸਿਆ ਕਿ ਇਹ ਲੜਾਈ ਫਸਲ ਲਈ ਨਹੀਂ ਬਲਕਿ ਆਉਣ ਵਾਲੀਆਂ ਨਸਲਾਂ ਦੇ ਭਵਿੱਖ ਲਈ ਹੈ । ਸਰਕਾਰ ਨੂੰ ਕਿਸਾਨਾਂ ਦੇ ਮਨ ਦੀ ਗੱਲ ਸੁਣਨੀ ਚਾਹੀਦੀ ਹੈ। ਅਡਾਨੀ ਅਤੇ ਅੰਬਾਨੀ ਕਿਸਾਨ ਨੂੰ ਬਰਬਾਦ ਕਰ ਦੇਣਗੇ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 26ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹਨ।
ਇਹ ਵੀ ਦੇਖੋ: ਪਾਣੀਪਤ ਵਿਖੇ ਹਿੰਦੂ ਸਿੱਖ ਤੇ ਮੁਸਲਮਾਨ ਭਾਈਚਾਰੇ ਨੇ ਸਮੂਹਿਕ ਲੰਗਰ ਲਾ ਕੇ ਪੈਦਾ ਕੀਤੀ ਮਿਸਾਲ