former SHO judicial custody: ਲੁਧਿਆਣਾ (ਤਰਸੇਮ ਭਾਰਦਵਾਜ)-ਇੱਥੇ ਪਿਤਾ-ਪੁੱਤਰ ਸਮੇਤ 3 ਲੋਕਾਂ ਨੂੰ ਨਗਨ ਹਾਲਤ ਕਰਕੇ ਕੁੱਟਮਾਰ ਕਰਨ ਅਤੇ ਵੀਡੀਓ ਬਣਾਉਣ ਵਾਲੇ ਮਾਮਲੇ ‘ਚ ਦੋਸ਼ੀ ਖੰਨਾ ਦੇ ਸਾਬਕਾ ਐੱਸ.ਐੱਚ.ਓ ਬਲਜਿੰਦਰ ਸਿੰਘ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਬਲਜਿੰਦਰ ਸਿੰਘ ਨੂੰ ਅਦਾਲਤ ਨੇ 1-1 ਦਿਨ ਦਾ 2 ਵਾਰ ਪੁਲਿਸ ਰਿਮਾਂਡ ਦਿੱਤਾ ਸੀ। 2 ਦਿਨ ਦੇ ਰਿਮਾਂਡ ਤੋਂ ਬਾਅਦ ਬਲਜਿੰਦਰ ਸਿੰਘ ਨੂੰ ਅੱਜ ਭਾਵ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਮਈ 2019 ਦਾ ਹੈ, ਜਦੋਂ ਖੰਨਾ ਥਾਣਾ ਸਦਰ ਦੇ ਐੱਸ.ਐੱਚ.ਓ ਵੱਲੋਂ 3 ਲੋਕਾਂ ਨੂੰ ਨਗਨ ਹਾਲਤ ‘ਚ ਕੁੱਟਮਾਰ ਕਰਨ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਵੀਡੀਓ ਅਪ੍ਰੈਲ 2020 ‘ਚ ਵਾਇਰਲ ਹੋਈ ਸੀ। ਇਸ ਤੋਂ ਬਾਅਦ ਪੁਲਿਸ ਦੁਆਰਾ ਢਿੱਲੀ ਜਾਂਚ ਤੋਂ ਬਾਅਦ ਪੀੜਤਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਦੇ ਆਦੇਸ਼ ‘ਤੇ ਡੀ.ਜੀ.ਪੀ ਦਿਨਕਰ ਗੁਪਤਾ ਅਤੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ‘ਚ 3 ਮੈਂਬਰੀ ਐੱਸ.ਆਈ.ਟੀ ਗਠਿਤ ਕੀਤੀ ਗਈ। ਇਸ ਐੱਸ.ਆਈ.ਟੀ ਨੇ ਹੀ 4 ਜੁਲਾਈ ਨੂੰ ਖੰਨਾ ਦੇ ਸਿਟੀ-1 ਥਾਣਾ ‘ਚ ਬਲਜਿੰਦਰ ਸਿੰਘ ਅਤੇ ਕਾਂਸਟੇਬਲ ਵਰੁਣ ਕੁਮਾਰ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਸੈਂਸ਼ਨ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਪੇਸ਼ਗੀ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਬਾਅਦ, ਆਖਰਕਾਰ 5 ਸਤੰਬਰ ਨੂੰ ਆਈ. ਜੀ ਲੁਧਿਆਣਾ ਨੌਨਿਹਾਲ ਸਿੰਘ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ।