Friday Dry Day curb dengue: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਜ਼ਿਲ੍ਹੇ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਵੱਲੋਂ ਡੇਂਗੂ, ਚਿਕਨਗੁਨੀਆ ਅਤੇ ਬਰਸਾਤੀ ਪਾਣੀ ਤੋ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਨ੍ਹਾਂ ਬਿਮਾਰੀਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ‘ਚ ਵੱਧ-ਚੜ ਕੇ ਹਿੱਸਾ ਲੈਣ ਅਤੇ ਆਪਣੇ ਆਲੇ ਦੁਆਲੇ ਨੂੰ ਸੁੱਕਾ ਅਤੇ ਸਾਫ ਸੁਥਰਾ ਰੱਖਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਐਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਘਰਾਂ, ਦਫਤਰਾਂ ਜਾਂ ਕਿਸੇ ਵੀ ਜਗ੍ਹਾ ਤੇ ਜਿੱਥੇ ਕੂਲਰ, ਡੱਬੇ, ਬਰਤਨ, ਛੱਤ ਆਦਿ ਸਮੇਤ ਦੀ ਸਫਾਈ ਕਰਕੇ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਵਜੋਂ ਮਨਾਉਣ। ਉਨ੍ਹਾਂ ਕਿਹਾ ਕਿ ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਸਭ ਤੋਂ ਉੱਤਮ ਢੰਗ ਹੈ, ਜੋ ਸਿਰਫ ਇੱਕ ਹਫ਼ਤੇ ਅੰਦਰ ਇੱਕ ਅੰਡੇ ਤੋਂ ਪੂਰਾ ਅਡਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ।
ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਵੱਲੋਂ ਸਿਹਤ ਵਿਭਾਗ ਦੇ ਨਾਲ-ਨਾਲ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ‘ਚ ਡੇਂਗੂ ਦੇ ਲਾਰਵੇ ਦੀ ਰੋਕਥਾਮ ਲਈ ਸਰਵੇਖਣ ਕੀਤੇ ਜਾਣ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦਾ ਚਾਲਾਨ ਕੱਟਿਆ ਜਾਵੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਦਿਨ ‘ਚ ਦੋ ਵਾਰ ਫੌਗਿੰਗ ਕਰਨ। ਉਨ੍ਹਾਂ ਮੀਟਿੰਗ ‘ਚ ਹਾਜ਼ਰ ਸਾਰੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ, ਜਿਨ੍ਹਾਂ ‘ਚ ਨਗਰ ਨਿਗਮ, ਸਿਹਤ ਵਿਭਾਗ, ਪੁਲਿਸ, ਸਿੱਖਿਆ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ, ਨਗਰ ਸੁਧਾਰ ਟਰੱਸਟ, ਸਿਵਲ ਬਾਡੀਜ਼ ਦੇ ਕਾਰਜਕਾਰੀ ਅਧਿਕਾਰੀ, ਐਕਸੀਅਨ ਜਲ ਸਪਲਾਈ, ਸਿੰਜਾਈ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਪੰਜਾਬ ਰੋਡਵੇਜ਼, ਟਾਇਰ ਮਾਰਕੀਟ ਐਸੋਸੀਏਸ਼ਨ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਅਤੇ ਗੈਰ-ਸਰਕਾਰੀ ਸੰਗਠਨ ਸ਼ਾਮਲ ਸਨ ਕਿ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨਾ ਹੈ, ਕਿਉਂਕਿ ਕੋਰੋਨਾ ਬਿਮਾਰੀ ਪਹਿਲਾਂ ਹੀ ਸਿਖਰਾਂ ‘ਤੇ ਹੈ।
ਇਸ ਤੋਂ ਇਲਾਵਾ ਐਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਨੂੰ ਸੁਰਖਿਅਤ ਰੋਗਾਂ ਤੋਂ ਬਚਾਉਣ ਲਈ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਆਨਲਾਈਨ ਕਲਾਸਾਂ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ।ਇਸ ਮੀਟਿੰਗ ਦੌਰਾਨ ਐਪਡੀਮਿਓਲੋਜਿਸਟ ਡਾ. ਰਮੇਸ਼ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ‘ਚ ਡੇਂਗੂ ਮਾਮਲਿਆਂ ‘ਚ ਦਿਨੋ-ਦਿਨ ਵਾਧਾ ਹੋ ਰਿਹਾ ਹੈ ਅਤੇ ਪਹਿਲਾਂ ਹੀ 19 ਕੇਸ ਸਾਹਮਣੇ ਆ ਚੁੱਕੇ ਹਨ।