judges judicial staff quarantined: ਲੁਧਿਆਣਾ ‘ਚ ਖਤਰਨਾਕ ਕੋਰੋਨਾਵਾਇਰਸ ਦਾ ਪਸਾਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਸਰਵੇਸ਼ ਸਿੰਘ ਅਤੇ ਨਵਜੋਤ ਕੌਰ ਨੂੰ ਉਨ੍ਹਾਂ ਦੀ ਅਦਾਲਤਾਂ ਦੇ 14 ਕਰਮਚਾਰੀਆਂ ਸਮੇਤ ਕੁਆਰੰਟਾਈਨ ਕਰ ਦਿੱਤਾ ਹੈ। ਦਰਅਸਲ ਜ਼ਿਲ੍ਹਾ ਕੋਰਟ ਕੰਪਲੈਕਸ ‘ਚ ਇਨ੍ਹਾਂ ਅਦਾਲਤਾਂ ‘ਚ ਪੇਸ਼ ਕੀਤੇ ਗਏ 2 ਦੋਸ਼ੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਇਨ੍ਹਾਂ ਜੱਜਾਂ ਨੂੰ ਉਨ੍ਹਾਂ ਦੇ ਸਟਾਫ ਸਮੇਤ 14 ਦਿਨ੍ਹਾਂ ਤੱਕ ਉਨ੍ਹਾਂ ਦੇ ਘਰਾਂ ‘ਚ ਹੀ ਕੁਆਰੰਟਾਈਨ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਹੈ, ਜਿਨ੍ਹਾਂ ‘ਚ 4 ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੂੰ ਦੋ ਹੋਰ ਜੱਜਾਂ ਪ੍ਰਤੀਕ ਗੁਪਤਾ ਅਤੇ ਇਤੂ ਸੋਢੀ ਨੂੰ ਉਨ੍ਹਾਂ ਦੀ ਅਦਾਲਤਾਂ ਨਾਲ ਸਬੰਧਿਤ 16 ਕਰਮਚਾਰੀਆਂ ਨੂੰ 14 ਦਿਨ੍ਹਾਂ ਤੱਕ ਉਨ੍ਹਾਂ ਦੇ ਘਰਾਂ ‘ਚ ਹੀ ਕੁਆਰੰਟਾਈਨ ਕੀਤੇ ਜਾਣ ਦਾ ਆਦੇਸ਼ ਦਿੱਤੇ ਸੀ।
ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਭਾਵ ਬੁੱਧਵਾਰ ਨੂੰ 53 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 7 ਮੌਤਾਂ ਹੋਈਆਂ ਸੀ। ਹੁਣ ਤੱਕ ਮਹਾਨਗਰ ‘ਚ 2886 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 81 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਜ਼ਿਲ੍ਹੇ ‘ਚ 884 ਸਰਗਰਮ ਮਾਮਲੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 60,834 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਹੁਣ ਤੱਕ 59347 ਸੈਂਪਲਾਂ ਦੀ ਰਿਪੋਰਟ ਉਨ੍ਹਾਂ ਨੂੰ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 56044 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 1037 ਵਿਅਕਤੀਆਂ ਦੀ ਰਿਪੋਰਟ ਪੈਂਡਿੰਗ ਹੈ ਅਤੇ ਮੌਜੂਦਾ ਸਮੇਂ 3975 ਮਰੀਜ਼ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਹਨ।